ਭਾਮੀਆਂ ਕਲਾਂ/ਲੁਧਿਆਣਾ, 29 ਜੁਲਾਈ (ਜਤਿੰਦਰ ਭੰਬੀ)-ਉਘੇ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਭਗਵੰਤ ਸਿੰਘ ਧਾਲੀਵਾਲ ਨੇ ਗੰਧਲੇ ਹੋ ਰਹੇ ਵਾਤਾਵਰਣ ਤੇ ਚਿੰਤਤ ਹੁੰਦਿਆਂ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁੱਧ ਹਵਾ ਅਤੇ ਸੁੱਧ ਪਾਣੀ ਦੇਣਾ ਸਾਡਾ ਮੌਲਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਅਸੀਂ ਸਭ ਕੁੱਝ ਦੇਖਦੇ ਹੋਏ ਵੀ ਅਵੇਸਲੇ ਹੋਏ ਬੈਠੇ ਹਾਂ, ਜਦਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਕਾਰਨ ਜਿੱਥੇ ਕਈ ਕਿਸਮ ਦੀਆਂ ਭਿਆਨਕ ਬਿਮਾਰੀਆਂ ਜਨਮ ਲੈ ਰਹੀਆਂ ਹਨ, ਉਥੇ ਹੀ ਬਹੁਤੀਆਂ ਥਾਵਾਂ ਤੇ ਧਰਤੀ ਹੇਠਲੇ ਪਾਣੀ ਪੀਣ ਯੋਗ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਕਿ ਅਸੀਂ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਣ ਦੀ ਸਾਂਭ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾਈਏ, ਇਹ ਸਭ ਕੁਝ ਤਾਂ ਹੀ ਸੰਭਵ ਹੋ ਸਕਦਾ ਜੇਕਰ ਸਾਡੇ ਵਲੋਂ ਵੱਧ ਤੋਂ ਵੱਧ ਰੁੱਖ ਲਗਾਏ ਜਾਣ।