ਫਲੈਟ ’ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਔਰਤ ਸਮੇਤ ਪੰਜ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਫਲੈਟ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਔਰਤ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰਹਿਣ ਵਾਲੀ ਪਰਮਜੀਤ ਕੌਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਦਲੀਪ ਕੌਰ ਅਤੇ ਉਸ ਦੇ ਚਾਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਫਲੈਟ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਔਰਤ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰਹਿਣ ਵਾਲੀ ਪਰਮਜੀਤ ਕੌਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਦਲੀਪ ਕੌਰ ਅਤੇ ਉਸ ਦੇ ਚਾਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਮਾਤਾ ਦਲਜੀਤ ਕੌਰ ਦਾ ਦੁੱਗਰੀ ਦੇ ਫੇਸ ਇਕ ਵਿਚ ਫਲੈਟ ਹੈ ਅਤੇ ਬੀਤੇ ਦਿਨ ਉਹ ਉਸ ਪਾਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਏ ਹੋਏ ਸਨ, ਜਦੋਂ ਬਾਅਦ ਵਿਚ ਉਹ ਫਲੈਟ ’ਤੇ ਗਈ ਤਾਂ ਫਲੈਟ ਦਾ ਗੇਟ ਤੋੜਿਆ ਹੋਇਆ ਸੀ ਅਤੇ ਫਲੈਟ ਦੀ ਭੰਨਤੋੜ ਕੀਤੀ ਗਈ ਸੀ। ਬਾਅਦ ਵਿਚ ਉਸ ਨੂੰ ਪਤਾ ਲੱਗਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਫਲੈਟ ’ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਾਲੋਨਾਈਜ਼ਰ ਦੇ ਮੁਲਾਜ਼ਮਾਂ ਦੀ ਕੁੱਟਮਾਰ - ਪੁਲਿਸ ਨੇ ਵਿਸ਼ਾਲ ਸ਼ਰਮਾ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ’ਤੇ ਪਰਮਵੀਰ ਸਿੰਘ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਦੀ ਫਰਮ ਵੀਆਰਵੀ ਲੈਂਡ ਡਿਵੈਲਪਰ ਦੇ ਦਫ਼ਤਰ ਵਿਚ ਆ ਕੇ ਉਸ ਦੇ ਮੁਲਾਜ਼ਮਾਂ ਅਮਨਦੀਪ ਅਤੇ ਗੌਰਵ ਸ਼ਰਮਾ ਦੀ ਕੁੱਟਮਾਰ ਕੀਤੀ ਅਤੇ ਦਫ਼ਤਰ ਦੀ ਭੰਨਤੋੜ ਕੀਤੀ। ਬਾਅਦ ਵਿਚ ਕਥਿਤ ਦੋਸ਼ੀ ਕੁੱਝ ਸਾਮਾਨ ਅਤੇ ਦਸਤਾਵੇਜ਼ ਚੁੱਕ ਕੇ ਉਥੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੋਟਰਸਾਈਕਲ ਅਤੇ ਐਕਟਿਵਾ ਚੋਰੀ - ਸਥਾਨਕ ਡਾਬਾ ਲੁਹਾਰਾ ਰੋਡ ’ਤੋਂ ਚੋਰਾਂ ਵਲੋਂ ਭਗਵੰਤ ਸਿੰਘ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਦੂਜੇ ਮਾਮਲੇ ਵਿਚ ਪੁਲਿਸ ਨੇ ਮਾਲ ਰੋਡ ਤੋਂ ਐਕਟਿਵਾ ਸਕੂਟਰ ਚੋਰੀ ਹੋਣ ਦੇ ਮਾਮਲੇ ਵਿਚ ਮਾਲਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਵੀ ਕੇਸ ਦਰਜ ਕੀਤਾ ਹੈ। ਤੀਜੇ ਮਾਮਲੇ ਵਿਚ ਰੱਖ ਬਾਗ ਦੇ ਬਾਹਰੋਂ ਚੋਰਾਂ ਵਲੋਂ ਦੀਵਾਕਰ ਵਾਸੀ ਪ੍ਰੀਤ ਨਗਰ ਦਾ ਵੀ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਜੋਸ਼ੀ ਨਗਰ ਤੋਂ ਚੋਰਾਂ ਵਲੋਂ ਦਲੀਪ ਸਿੰਘ ਦਾ ਐਕਟਿਵਾ ਸਕੂਟਰ ਵੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਹਨਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ - ਪੁਲਿਸ ਨੇ ਮਾਨਵ ਦੀਪ ਸਿੰਘ ਬਲ ਵਾਸੀ ਰਾਜਗੁਰੂ ਨਗਰ ਦੀ ਸ਼ਿਕਾਇਤ ’ਤੇ ਮਨਜੀਤ, ਗੁਰਪ੍ਰੀਤ ਸਿੰਘ, ਜਰਨੈਲ ਸਿੰਘ, ਕਸ਼ਮੀਰ ਸਿੰਘ ਅਤੇ ਹਰਜਿੰਦਰ ਸਿੰਘ ਅਤੇ ਮਨਜੀਤ ਸਿੰਘ ਪੁੱਤਰ ਸਾਧੂ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਹੈਰੋਇਨ ਸਮੇਤ ਕਾਬੂ - ਪੁਲਿਸ ਨੇ ਸੂਰਜ ਕੁਮਾਰ ਵਾਸੀ ਗੁਰੂ ਬਾਗ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਨਸ਼ੀਲੀਆਂ ਗੋਲੀਆਂ ਬਰਾਮਦ - ਪੁਲਿਸ ਨੇ ਕਮਲ ਕੁਮਾਰ ਵਾਸੀ ਮਾਡਲ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 15 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਪਿੰਡ ਕੱਕਾ ਨੇੜਿਉਂ ਕਾਬੂ ਕੀਤਾ ਹੈ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਕੁੱਟਮਾਰ ਦਾ ਮਾਮਲਾ - ਪੁਲਿਸ ਨੇ ਪਰਮਿੰਦਰ ਸਿੰਘ ਵਾਸੀ ਨਿਊ ਸ਼ਕਤੀ ਨਗਰ ਦੀ ਸ਼ਿਕਾਇਤ ’ਤੇ ਨਿਰਮਲ ਕੁਮਾਰ, ਨਿਖਿਲ ਅਤੇ ਪੰਜ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।