ਸਰਕਾਰ ਅਦਾਲਤੀ ਹੁਕਮਾਂ ਨੂੰ ਦੇਖਦੇ ਹੋਏ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਦੇਵੇ-ਪ੍ਰਧਾਨ ਸਵਰਨ ਸਿੰਘ
ਲੁਧਿਆਣਾ, 20 ਅਗਸਤ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਪੀ. ਐਸ.
ਲੁਧਿਆਣਾ, 20 ਅਗਸਤ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ. ਐਂਡ ਪੀ.ਐਸ.ਟੀ.ਸੀ.ਐਲ. ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਰੋਕ ਕੇ ਕਰਮਚਾਰੀਆਂ ਨਾਲ ਤਾਂ ਧ੍ਰੋਹ ਕਮਾਇਆ ਹੈ, ਉਥੇ ਹੀ ਮਾਣਯੋਗ ਅਦਾਲਤ ਦੇ ਹੁਕਮਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਹੈ, ਜਿਸ ਨੂੰ ਲੈ ਕੇ ਕਰਮਚਾਰੀਆਂ ਨੂੰ ਮਜਬੂਰਨ ਸੁਪਰੀਮ ਕੋਰਟ ਜਾਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਦੇ ਕੇ ਹੀ ਖਹਿੜਾ ਛੁੱਟਣਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਰਕੇ ਅੱਜ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਖ ਵੱਖ ਵਿਭਾਗਾਂ ਵਿਚ ਨਾ ਹੀ ਖ਼ਾਲੀ ਪਈਆਂ ਅਸਾਮੀਆਂ ਭਰ ਰਹੀ ਹੈ ਅਤੇ ਨਾ ਹੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਦੇ ਰਹੀ ਹੈ। ਉਨ੍ਹਾਂ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਲ ਨਾਲ ਕਰਮਚਾਰੀਆਂ ਦਾ ਜਲਦ ਮਹਿੰਗਾਈ ਭੱਤਾ ਦੇਵੇ।