ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਰਕੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗੀਆਂ -ਸੀ.ਪੀ.ਆਈ.
ਲੁਧਿਆਣਾ, 21 ਅਗਸਤ (ਜਤਿੰਦਰ ਭੰਬੀ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ.
ਲੁਧਿਆਣਾ, 21 ਅਗਸਤ (ਜਤਿੰਦਰ ਭੰਬੀ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਨੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਹੋ ਰਹੇ ਬੇਤਹਾਸ਼ਾ ਵਾਧੇ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੁੱਝ ਹੀ ਦਿਨਾਂ ਵਿਚ ਖੰਡ ਦੀ ਕੀਮਤ 70 ਰੁਪਏ ਨੂੰ ਛੂਹਣ ਲੱਗੀ ਹੈ ਅਤੇ ਹੋਰ ਵਸਤਾਂ ਦੇ ਭਾਅ ਵੀ ਅਸਮਾਨ ਨੂੰ ਛੂਹਣ ਲੱਗੇ ਹਨ। ਉਨ੍ਹਾਂ ਕਿਹਾ ਕਿ ਚੌਲਾਂ, ਦਾਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ਦਾ ਵੀ ਇਹੋ ਹਾਲ ਹੈ। ਮਹਿੰਗਾਈ ਵਿਚ ਇਹ ਵਾਧਾ ਖ਼ਾਸ ਕਰਕੇ ਘੱਟ ਆਮਦਨ ਵਾਲੇ ਪਰਿਵਾਰਾਂ ਦੀ ਜੇਬ ’ਤੇ ਭਾਰੀ ਬੋਝ ਪਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਸਰਕਾਰ ਵਲੋਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵਾਧੇ ਨੂੰ ਤਿਉਹਾਰਾਂ ਦੇ ਮੌਸਮ ਨਾਲ ਜੋੜਨਾ ਇਕ ਕੋਝਾ ਮਜ਼ਾਕ ਹੈ। ਭਾਰਤੀ ਕਮਿਊਨਿਸਟ ਪਾਰਟੀ ਨੇ ਮੰਗ ਕੀਤੀ ਕਿ ਸਰਕਾਰ ਜ਼ਰੂਰੀ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਨੂੰ ਤੁਰੰਤ ਕਾਬੂ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਅਤੇ ਆਮ ਲੋਕਾਂ, ਖ਼ਾਸ ਕਰਕੇ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਮਹਿੰਗਾਈ ਦੀ ਮਾਰ ਤੋਂ ਰਾਹਤ ਦੇਵੇ। ਇਸ ਮੌਕੇ ਡੀ.ਪੀ. ਮੌਡ ਜ਼ਿਲ੍ਹਾ ਸਕੱਤਰ, ਚਮਕੌਰ ਸਿੰਘ, ਐਮ.ਐਸ. ਭਾਟੀਆ ਅਤੇ ਡਾ. ਰਜਿੰਦਰ ਪਾਲ ਸਿੰਘ ਔਲਖ ਜ਼ਿਲ੍ਹਾ ਸਹਾਇਕ ਸਕੱਤਰ, ਡਾ. ਅਰੁਣ ਮਿੱਤਰਾ, ਰਮੇਸ਼ ਰਤਨ, ਕੇਵਲ ਸਿੰਘ ਬਣਵੈਤ ਅਤੇ ਵਿਜੇ ਕੁਮਾਰ ਸ਼ਾਮਿਲ ਹਨ।