26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਇਸ ਵਾਰ ਬਦਲੇਗਾ, ਭਾਰਤੀ ਜਨਤਾ ਪਾਰਟੀ ਲਿਆਵੇਗੀ ਨਵਾਂ ਬਦਲਾਅ-ਬੀ.ਐਲ. ਸੰਤੋਸ਼

ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ. ਐਲ.

Ad Position 21
No active advertisement
ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨੇ ਲੁਧਿਆਣਾ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਪੰਜਾਬ ਵਿਚ ਸਿਆਸੀ ਬਦਲਾਅ ਲਈ ਪੂਰੀ ਤਰ੍ਹਾਂ ਜੁੱਟ ਜਾਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਇਸ ਵਾਰ ਬਦਲੇਗਾ ਅਤੇ ਇਹ ਬਦਲਾਅ ਭਾਰਤੀ ਜਨਤਾ ਪਾਰਟੀ ਲਿਆਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਕੇ ਲੋਕਾਂ ਤੱਕ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਮੁੱਦੇ ਪਹੁੰਚਾਏ ਜਾਣ। ਲੁਧਿਆਣਾ ਵਿਖੇ ਲੁਧਿਆਣਾ ਸ਼ਹਿਰੀ, ਦਿਹਾਤੀ, ਖੰਨਾ, ਜਗਰਾਉਂ, ਮੋਗਾ, ਰੋਪੜ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਆਗੂਆਂ ਅਤੇ ਵਰਕਰਾਂ ਦੀ ਜ਼ੋਨਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀ.ਐਲ. ਸੰਤੋਸ਼ ਨੇ ਕਿਹਾ ਕਿ ਪਾਰਟੀ ਦੇ ਹਰ ਪ੍ਰੋਗਰਾਮ ਨੂੰ ਪੂਰੇ ਜੋਸ਼ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ ਅਤੇ ਹਰ ਪਲੇਟਫਾਰਮ ਰਾਹੀਂ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਈਆਂ ਜਾਣ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਹਾਰ ਕੇ ਆਏ ਦਿੱਲੀ ਦੇ ਆਗੂ ਅੱਜ ਪੰਜਾਬ ਨੂੰ ਚਲਾ ਰਹੇ ਹਨ, ਜਿਸ ਕਾਰਨ ਸੂਬੇ ਦਾ ਵਿਕਾਸ ਰੁਕ ਗਿਆ ਹੈ। ਉਨ੍ਹਾਂ ਕਿਹਾ ਕਿ ਇੰਡਸਟਰੀ ਹੱਬ ਲੁਧਿਆਣਾ ਦੀਆਂ ਸੜਕਾਂ ਦੀ ਬਦਤਰ ਹਾਲਤ ਸਰਕਾਰ ਦੀ ਨਾਕਾਮੀ ਦੀ ਤਸਵੀਰ ਪੇਸ਼ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੀ ਇੰਡਸਟਰੀ ਵੱਡੇ ਪੱਧਰ ’ਤੇ ਸੂਬੇ ਤੋਂ ਬਾਹਰ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ’ਚ ਉਤਰ ਪ੍ਰਦੇਸ਼ ਅਤੇ ਬਿਹਾਰ ਵਿਚ ਵਿਕਾਸ ਅਤੇ ਤਰੱਕੀ ਹੋ ਰਹੀ ਹੈ, ਜਦਕਿ ਪੰਜਾਬ ਵਿਕਾਸ ਦੇ ਮਾਮਲੇ ਵਿਚ ਪਿੱਛੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਆਉਣ ਲਈ ਸਨਅਤ, ਬੁਨਿਆਦੀ ਢਾਂਚੇ ਅਤੇ ਰੁਜ਼ਗਾਰ ਦੇ ਖੇਤਰ ਵਿਚ ਵੱਡੇ ਪੱਧਰ ’ਤੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚੋਂ ਭਜਾਉਣਾ ਅਤੇ ਪੰਜਾਬ ਨੂੰ ਬਚਾਉਣਾ ਭਾਰਤੀ ਜਨਤਾ ਪਾਰਟੀ ਦਾ ਸੰਕਲਪ ਹੈ। ਉਨ੍ਹਾਂ ਵਰਕਰਾਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੀ.ਐਲ. ਸੰਤੋਸ਼ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਤਜਰਬਾ ਪੰਜਾਬ ਭਾਰਤੀ ਜਨਤਾ ਪਾਰਟੀ ਦੀ ਟੀਮ ਨੂੰ ਨਵੀਂ ਸੇਧ ਦੇਵੇਗਾ। ਉਨ੍ਹਾਂ ਕਿਹਾ ਕਿ 2027 ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ। ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਪੰਜਾਬ ਦੀ ਮਾਲੀ ਹਾਲਤ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਸਿਰ ਕਰਜ਼ਾ ਦਿਨੋਂ ਦਿਨ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗੀ ਖ਼ੁਸ਼ਹਾਲੀ ਵੱਲ ਲਿਜਾਉਣ ਲਈ ਡਬਲ ਇੰਜਨ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜ਼ਰੂਰੀ ਹੈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੂਬਾ ਜਨਰਲ ਸਕੱਤਰ ਸ਼੍ਰੀਨਿਵਾਸਲੂ, ਰਾਜ ਸਭਾ ਸੰਸਦ ਮੈਂਬਰ ਬਿਕਰਮਜੀਤ ਸਿੰਘ ਸਾਹਨੀ, ਐਚ.ਐਸ. ਫੂਲਕਾ, ਰਵਨੀਤ ਸਿੰਘ ਬਿੱਟੂ, ਨਰਿੰਦਰ ਰੈਣਾ, ਸੁਨੀਲ ਮੌਦਗਿਲ, ਚਰਨਜੀਤ ਸਿੰਘ ਅਟਵਾਲ, ਅਮਰੀਕ ਸਿੰਘ ਆਲੀਵਾਲ, ਜਸਪ੍ਰੀਤ ਸਿੰਘ ਹੌਬੀ, ਅਮਰਜੀਤ ਸਿੰਘ ਟਿੱਕਾ, ਗੁਰਦੀਪ ਸਿੰਘ ਗੋਸ਼ਾ, ਕੰਵਰ ਨਰਿੰਦਰ ਸਿੰਘ, ਸਹਿ ਪ੍ਰਭਾਰੀ ਨਰਿੰਦਰ ਰੈਣਾ, ਪ੍ਰਵੀਨ ਬਾਂਸਲ, ਪੁਸ਼ਪਿੰਦਰ ਸਿੰਗਲ, ਡਾ. ਸਤੀਸ਼ ਕੁਮਾਰ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਕਾਮਿਆਂ ਨੇ ਪੁਤਲੇ ਫੂਕ ਕੇ ਸਰਕਾਰ ਵਿਰੁੱਧ ਕੱਢਿਆ ਗ਼ੁੱਸਾ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਮੁੱਖ ਉਦੇਸ਼ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ...
Ad Position 24