ਸਵਾਈਨ ਫਲੂ ਤੋਂ ਨਾ ਘਬਰਾਓ, ਸਾਵਧਾਨੀ ਅਪਣਾਓ ਤੇ ਖੁਦ ਨੂੰ ਸੁਰੱਖਿਅਤ ਬਣਾਓ-ਡਾ. ਰਮਨਦੀਪ
ਲੁਧਿਆਣਾ, 6 ਸਤੰਬਰ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਵਾਸੀਆਂ ਨੂੰ ਸਵਾਈਨ ਫਲੂ (ਐਚ1ਐਨ1) ਪ੍ਰਤੀ ਜਾਗਰੂਕ ਕਰਦਿਆਂ ਸਿਵਲ ਸਰਜਨ ਡਾ.
ਸ
ਸਿਵਲ ਸਰਜਨ ਡਾ. ਰਮਨਦੀਪ ਕੌਰ
07-09-2026
ਲੁਧਿਆਣਾ, 6 ਸਤੰਬਰ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਵਾਸੀਆਂ ਨੂੰ ਸਵਾਈਨ ਫਲੂ (ਐਚ1ਐਨ1) ਪ੍ਰਤੀ ਜਾਗਰੂਕ ਕਰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਸਵਾਈਨ ਫਲੂ ਤੋਂ ਘਬਰਾਉਣ ਦੀ ਨਹੀਂ, ਸਗੋਂ ਸਾਵਧਾਨ ਅਤੇ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਸਾਵਧਾਨੀਆਂ ਅਪਣਾਉਣ, ਨਿੱਜੀ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਅਤੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਡਾਕਟਰੀ ਸਲਾਹ ਲੈਣ ਨਾਲ ਇਸ ਵਾਇਰਲ ਬਿਮਾਰੀ ਦੇ ਫੈਲਾਅ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਵਾਈਨ ਫਲੂ ਇਕ ਵਾਇਰਲ ਬਿਮਾਰੀ ਹੈ, ਜਿਸ ਦੇ ਲੱਛਣ ਆਮ ਜ਼ੁਕਾਮ ਵਰਗੇ ਹੋ ਸਕਦੇ ਹਨ। ਇਸ ਦੇ ਮੁੱਖ ਲੱਛਣਾਂ ਵਿਚ ਬੁਖ਼ਾਰ, ਜ਼ੁਕਾਮ, ਖੰਘ, ਗਲੇ ਵਿਚ ਦਰਦ, ਸਰੀਰ ਦਰਦ ਅਤੇ ਕਈ ਵਾਰ ਸਾਹ ਲੈਣ ਵਿਚ ਦਿੱਕਤ ਸ਼ਾਮਿਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਜਾਂ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਵਾਈਨ ਫਲੂ ਤੋਂ ਬਚਾਅ ਲਈ ਸਾਫ਼-ਸਫ਼ਾਈ ਸਭ ਤੋਂ ਪ੍ਰਭਾਵਸ਼ਾਲੀ ਸੁਰੱਖਿਆ ਕਵਚ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਹੱਥ ਘੱਟੋ-ਘੱਟ 20 ਸਕਿੰਟ ਲਈ ਸਾਬਣ ਅਤੇ ਪਾਣੀ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ ਅਤੇ ਜੇਕਰ ਸਾਬਣ ਅਤੇ ਪਾਣੀ ਉਪਲਬਧ ਨਾ ਹੋਵੇ ਤਾਂ ਐਲਕੋਹਲ-ਆਧਾਰਤ ਹੈਂਡ ਸੈਨੇਟਾਈਜ਼ਰ ਦੀ ਵਰਤੋਂ ਕੀਤੀ ਜਾ ਸਕਦੀ ਹੈ। ਖੰਘਣ ਜਾਂ ਛਿੱਕਣ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ ਜਾਂ ਬਾਂਹ ਨਾਲ ਢੱਕਣਾਂ ਅਤੇ ਵਰਤਿਆ ਹੋਇਆ ਟਿਸ਼ੂ ਤੁਰੰਤ ਕੂੜੇਦਾਨ ਵਿਚ ਸੁੱਟਣਾ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬਿਮਾਰ ਮਹਿਸੂਸ ਕਰਦਾ ਹੈ ਤਾਂ ਉਸ ਨੂੰ ਘਰ ਵਿਚ ਰਹਿ ਕੇ ਹੋਰ ਲੋਕਾਂ ਨਾਲ ਸੰਪਰਕ ਘੱਟ ਕਰਨਾ ਚਾਹੀਦਾ ਹੈ। ਖ਼ਾਸ ਕਰਕੇ ਭੀੜ-ਭਾੜ ਵਾਲੀਆਂ ਥਾਵਾਂ, ਮੇਲਿਆਂ ਅਤੇ ਜਨਤਕ ਸਮਾਗਮਾਂ ਵਿਚ ਜਾਣ ਤੋਂ ਬਚਣਾ ਚਾਹੀਦਾ ਹੈ। ਬਿਮਾਰ ਜਾਂ ਜ਼ੁਕਾਮ-ਖੰਘ ਤੋਂ ਪੀੜਤ ਵਿਅਕਤੀਆਂ ਨਾਲ ਨਜ਼ਦੀਕੀ ਸੰਪਰਕ, ਹੱਥ ਮਿਲਾਉਣ ਅਤੇ ਗਲੇ ਮਿਲਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਜਾਂ ਮੂੰਹ ਨੂੰ ਨਾ ਛੂਹਣ। ਸਰੀਰ ਨੂੰ ਤੰਦਰੁਸਤ ਰੱਖਣ ਲਈ ਵੱਧ ਤੋਂ ਵੱਧ ਪਾਣੀ ਪੀਣ, ਪੌਸ਼ਟਿਕ ਅਤੇ ਸੰਤੁਲਿਤ ਖ਼ੁਰਾਕ ਲੈਣ, ਚੰਗੀ ਨੀਂਦ ਕਰਨ ਅਤੇ ਨਿਯਮਤ ਹਲਕੀ ਫੁਲਕੀ ਕਸਰਤ ਕਰਨ ਦੀ ਵੀ ਲੋੜ ਹੈ। ਫਲਾਂ ਅਤੇ ਸਬਜ਼ੀਆਂ ਦੀ ਵਰਤੋਂ ਨਾਲ ਸਰੀਰ ਦੀ ਰੋਗ-ਪ੍ਰਤੀਰੋਧਕ ਸਮਰੱਥਾ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਡਾ. ਰਮਨਦੀਪ ਨੇ ਖ਼ਾਸ ਤੌਰ ’ਤੇ ਕਿਹਾ ਕਿ ਸਵਾਈਨ ਫਲੂ ਵਰਗੇ ਲੱਛਣ ਦਿਖਾਈ ਦੇਣ ’ਤੇ ਕਿਸੇ ਵੀ ਤਰ੍ਹਾਂ ਦਾ ਸਵੈ-ਇਲਾਜ ਨਾ ਕੀਤਾ ਜਾਵੇ ਅਤੇ ਡਾਕਟਰ ਦੀ ਸਲਾਹ ਤੋਂ ਬਿਨਾਂ ਦਵਾਈਆਂ ਦੀ ਵਰਤੋਂ ਨਾ ਕੀਤੀ ਜਾਵੇ। ਸਮੇਂ ਸਿਰ ਸਹੀ ਡਾਕਟਰੀ ਸਲਾਹ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੱਛਣ ਮਹਿਸੂਸ ਹੋਣ ’ਤੇ ਘਰ ਵਿਚ ਰਹਿਣਾ ਅਤੇ ਹੋਰ ਲੋਕਾਂ ਨਾਲ ਸੰਪਰਕ ਘੱਟ ਕਰਨਾ ਨਾ ਸਿਰਫ਼ ਆਪਣੀ ਸਿਹਤ ਲਈ, ਸਗੋਂ ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਲਈ ਵੀ ਜ਼ਿੰਮੇਵਾਰ ਕਦਮ ਹੈ। ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਸਾਵਧਾਨੀ ਹੀ ਸਵਾਈਨ ਫਲੂ ਤੋਂ ਬਚਾਅ ਦਾ ਸਭ ਤੋਂ ਵੱਡਾ ਹਥਿਆਰ ਹੈ। ਘਬਰਾਉਣ ਦੀ ਬਜਾਏ ਜਾਗਰੂਕ ਰਹੋ, ਸਫ਼ਾਈ ਨੂੰ ਆਪਣੀ ਆਦਤ ਬਣਾਓ ਅਤੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਡਾਕਟਰੀ ਸਲਾਹ ਲਵੋ। ਸਾਡੀ ਸਾਂਝੀ ਜ਼ਿੰਮੇਵਾਰੀ ਅਤੇ ਸਾਵਧਾਨੀ ਨਾਲ ਹੀ ਸਵਾਈਨ ਫਲੂ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ।