
ਢੰਡਾਰੀ ਕਲਾਂ/ਲੁਧਿਆਣਾ, 17 ਸਤੰਬਰ-ਸਮਰਾਲਾ ਚੌਕ ਤੋਂ ਸ਼ੇਰਪੁਰ ਚੌਕ ਨੂੰ ਜਾਣ ਵਾਲੀ ਸੜਕ ਦੀ ਹਾਲਤ ਬੇਹੱਦ ਹੀ ਤਰਸਯੋਗ ਬਣੀ ਹੋਈ ਹੈ। ਸੜਕ ’ਤੇ ਵੱਡ-ਅਕਾਰੀ ਟੋਏ ਪਏ ਹੋਏ ਹਨ, ਜਿਸ ਕਾਰਨ ਆਏ ਦਿਨ ਇੱਥੇ ਕੋਈ ਨਾ ਕੋਈ ਹਾਦਸਾ ਵਾਪਰਦਾ ਹੀ ਰਹਿੰਦਾ ਹੈ। ਐਨ.ਐਚ.ਏ.ਆਈ. ਅਧੀਨ ਆਉਂਦੀ ਇਸ ਸੜਕ ਨੂੰ ਸਬੰਧਿਤ ਅਧਿਕਾਰੀਆਂ ਨੇ ਵੀ ਅਣਗੌਲਿਆ ਕੀਤਾ ਹੋਇਆ ਹੈ, ਜਿਸ ਦਾ ਖ਼ਮਿਆਜ਼ਾ ਵਾਹਨ ਚਾਲਕਾਂ ਨੂੰ ਭੁਗਤਣਾ ਪੈ ਰਿਹਾ। ਇਸ ਸੜਕ ’ਤੇ ਆਪਣਾ ਕਾਰੋਬਾਰ ਕਰ ਰਹੇ ਦੁਕਾਨਦਾਰ ਵੀ ਬੇਹੱਦ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਵਲੋਂ ਇਸ ਸੜਕ ਨੂੰ ਬਿਲਕੁਲ ਹੀ ਅੱਖੋਂ ਪਰੋਖੇ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਬੇਹੱਦ ਤਰਸਯੋਗ ਹੋਣ ਕਾਰਨ ਗਾਹਕ ਵੀ ਉਨ੍ਹਾਂ ਦੀਆਂ ਦੁਕਾਨਾਂ ਤੱਕ ਨਹੀਂ ਪਹੁੰਚ ਰਹੇ, ਜਿਸ ਕਾਰਨ ਉਨ੍ਹਾਂ ਨੂੰ ਕਈ ਕਿਸਮ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਇਸ ਸੜਕ ’ਤੇ ਜਿੱਥੇ ਆਏ ਦਿਨ ਹਾਦਸੇ ਵਾਪਰਦੇ ਹਨ, ਉੱਥੇ ਹੀ ਈ-ਰਿਕਸ਼ਾ ਪਲਟਣੇ ਵੀ ਆਮ ਜਿਹੀ ਗੱਲ ਹੋ ਗਈ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਇਸ ਸੜਕ ਤੋਂ ਲੰਘਣ ਲੱਗਿਆਂ ਇਕ ਆਟੋ ਰਿਕਸ਼ਾ ਪਲਟ ਗਿਆ, ਜਿਸ ਕਾਰਨ ਸਵਾਰੀਆਂ ਜ਼ਖਮੀ ਹੋ ਗਈਆਂ। ਇਸੇ ਤਰ੍ਹਾਂ ਸ਼ੇਰਪੁਰ ਤੋਂ ਢੰਡਾਰੀ ਕਲਾਂ ਨੂੰ ਜਾਣ ਅਤੇ ਆਉਣ ਵਾਲੀ ਸੜਕ ਦੇ ਹਾਲਾਤ ਵੀ ਬੇਹੱਦ ਤਰਸਯੋਗ ਬਣੇ ਹੋਏ ਹਨ , ਜਿੱਥੇ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ। ਉਨ੍ਹਾਂ ਐਨ.ਐਚ.ਏ .ਆਈ. ਦੇ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਇਸ ਸੜਕ ਨੂੰ ਬਣਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇ ਤਾਂ ਜੋ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਰਾਹਤ ਮਿਲ ਸਕੇ।