ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 551 ਦਿਨਾਂ ਵਿਚ 76,982 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ-ਵਿਧਾਇਕ ਸਿੱਧੂ, ਪੱਪੀ, ਛੀਨਾ
ਲੁਧਿਆਣਾ, 17 ਸਤੰਬਰ (ਡਾ. ਤਰਲੋਚਨ ਸਿੰਘ)-ਵਿਧਾਇਕ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ ਅਤੇ ਰਜਿੰਦਰਪਾਲ ਕੌਰ ਛੀਨਾ ਨੇ ਅੱਜ ਮਹਾਰਾਜਾ ਰੀਜੈਂਸੀ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਲੁਧਿਆਣਾ ਸ਼ਹਿਰੀ ਦੇ ਹਲਕਾ ਕੋਆਰਡੀਨੇਟਰਾਂ, ਹਲਕਾ ਵਾਈਸ ਕੋਆਰਡੀਨੇਟਰਾਂ, ਬਲਾਕ ਕੋਆਰਡੀਨੇਟਰਾਂ ਅਤੇ ਵਾਰਡ ਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ।
ਲੁਧਿਆਣਾ, 17 ਸਤੰਬਰ (ਡਾ. ਤਰਲੋਚਨ ਸਿੰਘ)-ਵਿਧਾਇਕ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ ਅਤੇ ਰਜਿੰਦਰਪਾਲ ਕੌਰ ਛੀਨਾ ਨੇ ਅੱਜ ਮਹਾਰਾਜਾ ਰੀਜੈਂਸੀ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਲੁਧਿਆਣਾ ਸ਼ਹਿਰੀ ਦੇ ਹਲਕਾ ਕੋਆਰਡੀਨੇਟਰਾਂ, ਹਲਕਾ ਵਾਈਸ ਕੋਆਰਡੀਨੇਟਰਾਂ, ਬਲਾਕ ਕੋਆਰਡੀਨੇਟਰਾਂ ਅਤੇ ਵਾਰਡ ਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਵਿਧਾਇਕਾਂ ਵਲੋਂ ਇਹਨਾਂ ਨੂੰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਮੂਹਿਕ ਯਤਨਾਂ ਰਾਹੀਂ ਸਮਾਜ ਵਿਚੋਂ ਨਸ਼ਿਆਂ ਦੇ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਉਕਤ ਵਿਧਾਇਕਾਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 551 ਦਿਨਾਂ ਦੇ ਦੌਰਾਨ 76982 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਚੁੱਕਾ ਹੈ। ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਵਿਰੁੱਧ ਕਾਰਵਾਈ ਅਤੇ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਇਸ ਮੁਹਿੰਮ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਇਕ ਮੁਹਿੰਮ ਨਹੀਂ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੀ ਵਚਨਬੱਧਤਾ ਹੈ। ਉਨ੍ਹਾਂ ਹਲਕਾ ਕੋਆਰਡੀਨੇਟਰਾਂ, ਵਾਈਸ ਤੇ ਬਲਾਕ ਕੋਆਰਡੀਨੇਟਰਾਂ ਅਤੇ ਵਾਰਡ ਰੱਖਿਆ ਕਮੇਟੀ ਮੈਂਬਰਾਂ ਨੂੰ ਆਪਣੇ ਇਲਾਕਿਆਂ ਵਿਚ ਨਸ਼ਿਆਂ ਨਾਲ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿਚ ਇਲਾਜ ਲਈ ਪਹੁੰਚਾਉਣ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਤੋਂ ਬਾਹਰ ਆਉਣ ਵਾਲੇ ਵਿਅਕਤੀਆਂ ਨੂੰ ਪਰਿਵਾਰਕ ਅਤੇ ਸਮਾਜਿਕ ਸਹਿਯੋਗ ਮਿਲਣਾ ਚਾਹੀਦਾ ਹੈ, ਤਾਂ ਜੋ ਉਹ ਆਤਮ-ਵਿਸ਼ਵਾਸ ਨਾਲ ਆਮ ਜੀਵਨ ਵੱਲ ਪਰਤ ਸਕਣ। ਉਨ੍ਹਾਂ ਕੋਆਰਡੀਨੇਟਰਾਂ ਅਤੇ ਵਾਰਡ ਰੱਖਿਆ ਕਮੇਟੀ ਦੇ ਮੈਂਬਰਾਂ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਅਤੇ ਨਸ਼ਿਆਂ ਦੀ ਤਸਕਰੀ ਜਾਂ ਦੁਰਵਰਤੋਂ ਨਾਲ ਸਬੰਧਿਤ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਜਾਣਕਾਰੀ ਸਾਂਝੀ ਕਰਨ ਲਈ ਕਿਹਾ। ਉਨ੍ਹਾਂ ਕੋਆਰਡੀਨੇਟਰਾਂ ਅਤੇ ਵਾਰਡ ਰੱਖਿਆ ਕਮੇਟੀ ਦੇ ਮੈਂਬਰਾਂ ਨੂੰ ਆਪਣੇ ਖੇਤਰਾਂ ਵਿਚ ਨਿਯਮਤ ਜਾਗਰੂਕਤਾ ਪ੍ਰੋਗਰਾਮ, ਸੈਮੀਨਾਰ ਅਤੇ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ, ਸ਼ਹਿਰੀ ਵਿਕਾਸ ਅਮਿਤ ਬੈਂਬੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ ਤੇ ਅਮਨਪ੍ਰੀਤ ਸਿੰਘ, ਏ.ਸੀ.ਪੀ., ਕ੍ਰਾਈਮ ਹਰਸ਼ਪ੍ਰੀਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਜ਼ਿਲ੍ਹਾ ਕੋਆਰਡੀਨੇਟਰ ਲੁਧਿਆਣਾ ਸ਼ਹਿਰੀ ਬਲਵੀਰ ਚੌਧਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕਾ ਕੋਆਰਡੀਨੇਟਰ, ਹਲਕਾ ਵਾਈਸ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਅਤੇ ਵਾਰਡ ਰੱਖਿਆ ਕਮੇਟੀ ਦੇ ਮੈਂਬਰ ਹਾਜ਼ਰ ਸਨ।