ਵਿਜੀਲੈਂਸ ਬਿਊਰੋ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ. ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ. ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਰਜਿੰਦਰ ਪਾਲ ਸਿੰਘ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ, ਉਨ੍ਹਾਂ ਵਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਵਿਖੇ ਜਮਾਂ ਕਰਵਾਏ ਗਏ ਸਨ, ਜੋ ਸਬੰਧਿਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ. ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਵਲੋਂ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।