ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਧਰਨਾ
ਲੁਧਿਆਣਾ, 13 ਨਵੰਬਰ (ਡਾ. ਤਰਲੋਚਨ ਸਿੰਘ)- ਨੈਸ਼ਨਲ ਹੈਲਥ ਮਿਸ਼ਨ ਇਮਪਲਾਈਜ ਯੂਨੀਅਨ ਪੰਜਾਬ ਦੇ ਸੈਂਕੜੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫਤਰ ਮੂਹਰੇ ਰੋਸ ਧਰਨਾ ਦਿੱਤਾ ।
ਲੁਧਿਆਣਾ, 13 ਨਵੰਬਰ (ਡਾ. ਤਰਲੋਚਨ ਸਿੰਘ)- ਨੈਸ਼ਨਲ ਹੈਲਥ ਮਿਸ਼ਨ ਇਮਪਲਾਈਜ ਯੂਨੀਅਨ ਪੰਜਾਬ ਦੇ ਸੈਂਕੜੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫਤਰ ਮੂਹਰੇ ਰੋਸ ਧਰਨਾ ਦਿੱਤਾ । ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਸੂਬੇ ਭਰ ਦੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਸਰਕਾਰ ਦੀਆਂ ਨੀਤੀਆਂ ਅਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅਣਗਹਿਲੀ ਵਾਲੇ ਰਵੱਈਏ ਦੇ ਵਿਰੋਧ ਵਿਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਰਹੇ ਹਨ, ਪਰ ਅਜੇ ਤੱਕ ਇਨ੍ਹਾਂ ਦਾ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਹੁਣ 17 ਨਵੰਬਰ ਨੂੰ ਮੁਲਾਜ਼ਮ ਭਲਾਈ ਕਮੇਟੀ ਦੀ ਹੋਣ ਵਾਲੀ ਅਹਿਮ ਮੀਟਿੰਗ ਤੋਂ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ ਕਿ ਕੋਈ ਸਾਰਥਕ ਤੇ ਸਥਾਈ ਹੱਲ ਕੱਢਿਆ ਜਾਵੇਗਾ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 17 ਨਵੰਬਰ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਨਤੀਜਾ ਨਹੀਂ ਨਿਕਲਦਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।