ਦਿਆਨੰਦ ਹਸਪਤਾਲ ’ ਚ ਮਰੀਜ਼ਾਂ ਨੂੰ ਆਪਣੀ ਫਾਰਮੇਸੀ ਤੋਂ ਦਵਾਈਆਂ ਖ਼ਰੀਦਣ ਲਈ ਮਜਬੂਰ ਕਰਨ ਦੇ ਲੱਗੇ ਕਥਿਤ ਦੋਸ਼
ਲੁਧਿਆਣਾ, 13 ਨਵੰਬਰ (ਡਾ. ਤਰਲੋਚਨ ਸਿੰਘ)- ਦਿਆਨੰਦ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਹੋਣ ਵਾਲੇ ਮਰੀਜ਼ਾਂ ਨੂੰ ਹਸਪਤਾਲ ਦੀ ਆਪਣੀ ਫਾਰਮੇਸੀ ਤੋਂ ਹੀ ਦਵਾਈਆਂ ਖ਼ਰੀਦਣ ਲਈ ਮਜਬੂਰ ਕਰਨ ਦੇ ਕਥਿਤ ਗੰਭੀਰ ਦੋਸ਼ ਸਾਹਮਣੇ ਆਏ ਹਨ।
ਲੁਧਿਆਣਾ, 13 ਨਵੰਬਰ (ਡਾ. ਤਰਲੋਚਨ ਸਿੰਘ)- ਦਿਆਨੰਦ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਹੋਣ ਵਾਲੇ ਮਰੀਜ਼ਾਂ ਨੂੰ ਹਸਪਤਾਲ ਦੀ ਆਪਣੀ ਫਾਰਮੇਸੀ ਤੋਂ ਹੀ ਦਵਾਈਆਂ ਖ਼ਰੀਦਣ ਲਈ ਮਜਬੂਰ ਕਰਨ ਦੇ ਕਥਿਤ ਗੰਭੀਰ ਦੋਸ਼ ਸਾਹਮਣੇ ਆਏ ਹਨ। ਇਸ ਸਬੰਧੀ ਰੋਹਿਤ ਸੱਭਰਵਾਲ ਵਲੋਂ ਸਿਵਲ ਸਰਜਨ ਲੁਧਿਆਣਾ ਨੂੰ ਲਿਖਤੀ ਸ਼ਿਕਾਇਤ ਭੇਜੀ ਗਈ ਹੈ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਾਹਰਲੇ ਮੈਡੀਕਲ ਸਟੋਰਾਂ ਤੋਂ ਦਵਾਈਆਂ ਖ਼ਰੀਦਣ ਦੀ ਆਜ਼ਾਦੀ ਨਹੀਂ ਦਿੱਤੀ ਜਾਂਦੀ ਅਤੇ ਉਨ੍ਹਾਂ ਨੂੰ ਹਸਪਤਾਲ ਦੀ ਅੰਦਰੂਨੀ ਫਾਰਮੇਸੀ ਤੋਂ ਹੀ ਦਵਾਈਆਂ ਲੈਣ ਲਈ ਮਜਬੂਰ ਕੀਤਾ ਜਾਂਦਾ ਹੈ। ਸ਼ਿਕਾਇਤਕਰਤਾ ਅਨੁਸਾਰ ਜੇਕਰ ਕੋਈ ਮਰੀਜ਼ ਜਾਂ ਉਸ ਦਾ ਪਰਿਵਾਰਕ ਮੈਂਬਰ ਡਾਕਟਰ ਵਲੋਂ ਲਿਖੀਆਂ ਦਵਾਈਆਂ ਬਾਹਰਲੇ ਮੈਡੀਕਲ ਸਟੋਰ ਤੋਂ ਆਪਣੀ ਸਹੂਲਤ ਅਨੁਸਾਰ ਖ਼ਰੀਦ ਕੇ ਲਿਆਉਂਦਾ ਹੈ ਤਾਂ ਹਸਪਤਾਲ ਦੇ ਮੁੱਖ ਗੇਟ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਵਲੋਂ ਦਵਾਈਆਂ ਦੇ ਪੈਕਟਾਂ ਸਮੇਤ ਉਸ ਨੂੰ ਹਸਪਤਾਲ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਜਾਂਦਾ ਹੈ। ਸ਼ਿਕਾਇਤ ਵਿਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਮਰੀਜ਼ਾਂ ਨੂੰ ਇਹ ਪ੍ਰਭਾਵ ਦਿੱਤਾ ਜਾਂਦਾ ਹੈ ਕਿ ਜੇਕਰ ਉਹ ਹਸਪਤਾਲ ਦੀ ਫਾਰਮੇਸੀ ਤੋਂ ਦਵਾਈਆਂ ਨਹੀਂ ਖ਼ਰੀਦਣਗੇ ਤਾਂ ਉਨ੍ਹਾਂ ਦੇ ਇਲਾਜ ਵਿਚ ਮੁਸ਼ਕਿਲ ਆ ਸਕਦੀ ਹੈ। ਹਸਪਤਾਲ ਵਿਚ ਦਾਖ਼ਲ ਮਰੀਜ਼ ਪਹਿਲਾਂ ਹੀ ਬਿਮਾਰੀ ਅਤੇ ਇਲਾਜ ਦੇ ਖ਼ਰਚਿਆਂ ਕਾਰਨ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀ ਵਿਚ ਹੁੰਦੇ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਲੁਧਿਆਣਾ ਵਲੋਂ ਚਾਰ ਮੈਂਬਰੀ ਜਾਂਚ ਕਮੇਟੀ ਗਠਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਕਮੇਟੀ ਵਿਚ ਸਿਹਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਅਤੇ ਡਰੱਗਜ਼ ਕੰਟਰੋਲ ਵਿਭਾਗ ਦੇ ਨੁਮਾਇੰਦੇ ਨੂੰ ਸ਼ਾਮਿਲ ਕੀਤਾ ਗਿਆ ਹੈ। ਕਮੇਟੀ ਨੂੰ ਸ਼ਿਕਾਇਤ ਦੀ ਪੜਤਾਲ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।