ਝਾੜੂ ਸਰਕਾਰ ਦੇ ਰਾਜ ’ ਚ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਨੇ ਆਤਮ ਨਗਰ ਦੇ ਲੋਕ - ਸਿਮਰਜੀਤ ਸਿੰਘ ਬੈਂਸ
ਲੁਧਿਆਣਾ, 20 ਨਵੰਬਰ (ਜਤਿੰਦਰ ਭੰਬੀ) ਹਲਕਾ ਆਤਮ ਨਗਰ ਦੇ ਵਾਰਡ ਨੰ. 52 ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਇਲਾਕਾ ਨਿਵਾਸੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।
ਲੁਧਿਆਣਾ, 20 ਨਵੰਬਰ (ਜਤਿੰਦਰ ਭੰਬੀ) ਹਲਕਾ ਆਤਮ ਨਗਰ ਦੇ ਵਾਰਡ ਨੰ. 52 ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਇਲਾਕਾ ਨਿਵਾਸੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਬੈਂਸ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਲਾਕਾ ਨਿਵਾਸੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਭਾਰੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਦੇ ਛੋਟੇ-ਛੋਟੇ ਕੰਮਾਂ ਲਈ ਵੀ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸ਼ਿਕਾਇਤ ਕੀਤੀ ਕਿ ਇਲਾਕੇ ਵਿਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ, ਸੀਵਰੇਜ ਸਿਸਟਮ ਦੀ ਮਾੜੀ ਹਾਲਤ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਸਰਕਾਰੀ ਦਫ਼ਤਰਾਂ ਵਿਚ ਕਥਿਤ ਰਿਸ਼ਵਤਖ਼ੋਰੀ ਕਾਰਨ ਆਮ ਲੋਕਾਂ ਨੂੰ ਆਪਣੇ ਜਾਇਜ਼ ਕੰਮ ਕਰਵਾਉਣ ਵਿਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਬਦਲਾਅ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਝਾੜੂ ਸਰਕਾਰ ਅੱਜ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਵੀ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦੇ ਦਾਅਵੇ ਕਰਦੀ ਸੀ, ਅੱਜ ਉਸੇ ਸਰਕਾਰ ਦੇ ਰਾਜ ਵਿਚ ਲੋਕ ਸਰਕਾਰੀ ਦਫ਼ਤਰਾਂ ਵਿਚ ਰਿਸ਼ਵਤ ਮੰਗੇ ਜਾਣ ਦੀਆਂ ਸ਼ਿਕਾਇਤਾਂ ਕਰ ਰਹੇ ਹਨ। ਬੈਂਸ ਨੇ ਕਿਹਾ ਕਿ ਹਲਕਾ ਆਤਮ ਨਗਰ ਦੇ ਲੋਕਾਂ ਨੂੰ ਲਾਵਾਰਸ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਉਹ ਪਹਿਲਾਂ ਦੀ ਤਰ੍ਹਾਂ ਡਟ ਕੇ ਖੜ੍ਹੇ ਰਹਿਣਗੇ ਅਤੇ ਲੋਕਾਂ ਦੀ ਆਵਾਜ਼ ਸਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣਗੇ।