ਵੜਿੰਗ ਦੀ ਅਗਵਾਈ ’ਚ ਕੱਢੇ ਗਏ ‘ਇਨਸਾਫ਼ ਮਾਰਚ’ ਵਿਚ ਵੱਡੀ ਗਿਣਤੀ ’ਚ ਕਾਂਗਰਸੀ ਹੋਏ ਸ਼ਾਮਿਲ
ਲੁਧਿਆਣਾ, 21 ਨਵੰਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਸ਼ੁਰੂ ਕੀਤੇ ਗਏ ‘ਇਨਸਾਫ਼ ਮਾਰਚ’ ਵਿਚ ਸ਼ਾਮਿਲ ਹੋਏ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਵਧ ਫੁੱਲ ਰਹੇ ਹਨ ਅਤੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਕਾਰੋਬਾਰੀਆਂ ਨੂੰ ਕਾਰੋਬਾਰ ਚਲਾਉਣੇ ਔਖੇ ਹੋ ਗਏ ਹਨ।
ਲੁਧਿਆਣਾ, 21 ਨਵੰਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਸ਼ੁਰੂ ਕੀਤੇ ਗਏ ‘ਇਨਸਾਫ਼ ਮਾਰਚ’ ਵਿਚ ਸ਼ਾਮਿਲ ਹੋਏ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਵਧ ਫੁੱਲ ਰਹੇ ਹਨ ਅਤੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਕਾਰੋਬਾਰੀਆਂ ਨੂੰ ਕਾਰੋਬਾਰ ਚਲਾਉਣੇ ਔਖੇ ਹੋ ਗਏ ਹਨ। ਗੈਂਗਸਟਰਾਂ ਵਲੋਂ ਜੇਲ੍ਹ ਵਿਚ ਬੈਠੇ ਹੀ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਨੌਜਵਾਨੀ ਨਸ਼ਿਆਂ ਦੀ ਲਪੇਟ ਵਿਚ ਆ ਰਹੀ ਹੈ। ਇਸ ਕਰਕੇ ਪੰਜਾਬ ਦੇ ਲੋਕ ਇਨਸਾਫ਼ ਮੰਗਦੇ ਹਨ। ਵੜਿੰਗ ਨੇ ਇਸ ਮੁੱਦੇ ਨੂੰ ਲੈ ਕੇ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਸਭ ਕੁੱਝ ਲਈ ਜੇਕਰ ਕੋਈ ਵਿਅਕਤੀ ਜ਼ਿੰਮੇਵਾਰ ਹੈ ਤਾਂ ਉਹ ਹੈ ਭਗਵੰਤ ਮਾਨ, ਜੋ ਕਿ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਅਸਫਲ ਸਾਬਤ ਹੋਏ ਹਨ। ਉਨ੍ਹਾਂ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਲਈ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਅੱਜ ਹਰ ਇਕ ਆਗੂ ਆਪਣੇ ਪੱਧਰ ’ ਤੇ ਕੰਮ ਕਰ ਰਿਹਾ ਹੈ ਤਾਂ ਕਿ ਪੰਜਾਬ ਦੀ ਬਿਹਤਰੀ ਲਈ ਆਮ ਆਦਮੀ ਪਾਰਟੀ ਨੂੰ ਚੱਲਦਾ ਕੀਤਾ ਜਾ ਸਕੇ। ਉਨ੍ਹਾਂ ਲੁਧਿਆਣਾ ਤੋਂ ਸਾਰੀਆਂ ਸੀਟਾਂ ’ਤੇ ਜਿੱਤ ਦਰਜ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਮੈਂ ਲੋਕ ਸਭਾ ਮੈਂਬਰ ਹੋਣ ਦੇ ਨਾਤੇ ਇਹ ਕਹਿਣ ਲੱਗਿਆ ਝਿਜਕ ਮਹਿਸੂਸ ਨਹੀਂ ਕਰਾਂਗਾ ਕਿ ਜਿਸ ਤਰ੍ਹਾਂ ਇਸ ਥਾਂ ਤੋਂ ਲੋਕ ਸਭਾ ਦੀਆਂ ਚੋਣਾਂ ਦੇ ਪ੍ਰਚਾਰ ਦੀ ਸ਼ੁਰੂਆਤ ਕਰਕੇ ਕਿਲਾ ਫ਼ਤਿਹ ਕੀਤਾ, ਉਸੇ ਤ ਰ੍ਹਾਂ ਇਕਜੁੱਟ ਹੋ ਕੇ ਇਹ ਸਾਰੀਆਂ 9 ਸੀਟਾਂ ਜਿੱਤ ਕੇ ਕਾਂਗਰਸ ਦੀ ਝੋਲੀ ਪਾਉਣਗੇ। ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਸੁਰੱਖਿਅਤ ਪੰਜਾਬ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2022 ਤੋਂ 2024 ਦਰਮਿਆਨ ਲੁਧਿਆਣਾ ਵਿਚ ਕਤਲ ਦੇ 170 ਮਾਮਲੇ ਦਰਜ ਹੋਏ। ਇਸ ਲਈ ਉਹ ਪਰਿਵਾਰ ਪੰਜਾਬ ਸਰਕਾਰ ਤੋਂ ਇਨ੍ਹਾਂ ਅਹਿਮ ਮੁੱਦਿਆਂ ‘ਤੇ ਜਵਾਬ ਮੰਗ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਮੁਰਦਾਬਾਦ ਅਤੇ ਕਾਂਗਰਸ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਕਾਂਗਰਸ ਦੇ ਏ.ਆਈ.ਸੀ.ਸੀ. ਸਕੱਤਰ ਰਵਿੰਦਰ ਦਲਵੀ , ਸੁਰਿੰਦਰ ਡਾਵਰ, ਜਥੇਦਾਰ ਬਲਵਿੰਦਰ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਰਾਕੇਸ਼ ਪਾਂਡੇ, ਕੁਲਦੀਪ ਸਿੰਘ ਵੈਦ, ਕੇ.ਕੇ. ਬਾਵਾ, ਮਲਕੀਤ ਸਿੰਘ ਦਾਖਾ, ਪਵਨ ਦੀਵਾਨ, ਸਤਨਾਮ ਸਿੰਘ ਲੁਹਾਰਾ, ਸਰਬਜੀਤ ਸਿੰਘ ਜਨਕਪੁਰੀ, ਪਵਨਦੀਪ ਸਿੰਘ ਮਦਾਨ, ਤਾਜਪਰਮਿੰਦਰ ਸੋਨੂੰ, ਲਖਬੀਰ ਸਿੰਘ ਸੰਧੂ, ਹਰਮਿੰਦਰ ਸਿੰਘ ਕਲੇਰ, ਬਲਵਿੰਦਰ ਸੰਘ ਰੰਧਾਵਾ, ਰਜਿੰਦਰ ਸਿੰਘ ਬਾਜਵਾ ਆਦਿ ਮੌਜੂਦ ਸਨ।