ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਐਸੋਸੀਏਸ਼ਨ ਵਲੋਂ ਤਿੱਖੇ ਸੰਘਰਸ਼ ਦਾ ਐਲਾਨ
ਲੁਧਿਆਣਾ, 21 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਐਸੋਸੀਏਸ਼ਨ ਰਜਿ.
ਜ
ਜਸਮੇਲ ਸਿੰਘ ਦਿਓਲ
22-11-2026
ਲੁਧਿਆਣਾ, 21 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਐਸੋਸੀਏਸ਼ਨ ਰਜਿ. ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਅਤੇ ਵਿਭਾਗ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਗਿਆ ਹੈ। ਬੀਤੀ 20 ਨਵੰਬਰ ਨੂੰ ਚੰਡੀਗੜ੍ਹ ਸਕੱਤਰੇਤ ਵਿਖੇ ਕੈਬਨਿਟ ਸਬ-ਕਮੇਟੀ ਦੇ ਮੁਖੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਇਹ ਹੈਰਾਨੀਜਨਕ ਤੱਥ ਸਾਹਮਣੇ ਆਇਆ ਕਿ ਵਿਭਾਗ ਅਤੇ ਪ੍ਰਮੁੱਖ ਸਕੱਤਰ (ਸਿਹਤ) ਵਲੋਂ ਕਰਮਚਾਰੀਆਂ ਦੀ ਤਨਖ਼ਾਹ ਵਿਚ 20 ਪ੍ਰਤੀਸ਼ਤ ਵਾਧੇ ਦਾ ਪ੍ਰਪੋਜ਼ਲ 20 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਵਿੱਤ ਵਿਭਾਗ ਨੂੰ ਭੇਜਿਆ ਹੀ ਨਹੀਂ ਗਿਆ। ਇਸ ਲਾਰੇ-ਲੱਪੇ ਅਤੇ ਅਫ਼ਸਰਸ਼ਾਹੀ ਦੀ ਟਾਲ-ਮਟੋਲ ਵਾਲੀ ਨੀਤੀ ਦੇ ਰੋਸ ਵਜੋਂ ਸਮੂਹ ਕਰਮਚਾਰੀਆਂ ਨੇ ਸਖ਼ਤ ਐਕਸ਼ਨ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਜਸਮੇਲ ਸਿੰਘ ਲੁਧਿਆਣਾ ਅਤੇ ਪ੍ਰਮੁੱਖ ਸਲਾਹਕਾਰ ਮਹਿੰਦਰ ਪਾਲ ਸਿੰਘ ਪਟਿਆਲਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਵਿਭਾਗ ਵਲੋਂ 9 ਸਤੰਬਰ ਅਤੇ 3 ਨਵੰਬਰ ਨੂੰ ਉਲੀਕੇ ਗਏ ਧਰਨਿਆਂ ਨੂੰ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਮੁਲਤਵੀ ਕਰਵਾਇਆ ਗਿਆ ਸੀ, ਪਰ ਢਾਈ ਮਹੀਨੇ ਬੀਤਣ ਦੇ ਬਾਵਜੂਦ ਮੰਗਾਂ ਉੱਥੇ ਹੀ ਖੜ੍ਹੀਆਂ ਹਨ। 10 ਨਵੰਬਰ ਨੂੰ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਵਿਚ ਪ੍ਰਮੁੱਖ ਸਕੱਤਰ ਵਲੋਂ ਬਜਟ ਦਾ ਹਵਾਲਾ ਦੇਣ ਤੋਂ ਬਾਅਦ ਐਸੋਸੀਏਸ਼ਨ ਵਲੋਂ 11 ਨਵੰਬਰ ਨੂੰ 10 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ, ਜੋ ਕਿ ਹੁਣ ਸਮਾਪਤ ਹੋ ਚੁੱਕਾ ਹੈ। ਆਗੂਆਂ ਨੇ ਦੱਸਿਆ ਕਿ 23 ਨਵੰਬਰ ਤੋਂ ਸੂਬੇ ਭਰ ਵਿਚ ਹਰ ਤਰ੍ਹਾਂ ਦੀ ‘ਸੋਚ’ ਪੋਰਟਲ ਐਂਟਰੀ ਅਤੇ ਵਿਭਾਗੀ ਰਿਪੋਰਟਿੰਗ ਮੁਕੰਮਲ ਤੌਰ ‘ਤੇ ਬੰਦ ਰਹੇਗੀ ਅਤੇ ਵਿਭਾਗ ਦੇ ਹਰ ਸਮਾਗਮ ਦਾ ਬਾਈਕਾਟ ਕੀਤਾ ਜਾਵੇਗਾ। ਪਟਿਆਲਾ ਵਿਖੇ ਚੋਣ ਜ਼ਾਬਤਾ ਲੱਗਾ ਹੋਣ ਕਾਰਨ ਹੁਣ 25 ਨਵੰਬਰ ਨੂੰ ਸਮੂਹ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਮੁੱਖ ਦਫ਼ਤਰ, ਪ੍ਰਯਾਸ ਬਿਲਡਿੰਗ, ਸੈਕਟਰ 38-ਬੀ, ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨਗੇ ਅਤੇ ਇਸ ਉਪਰੰਤ ਇੱਥੇ ਹੀ ਰੋਟੇਸ਼ਨ-ਵਾਈਜ਼ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਪੰਜਾਬ ਸਰਕਾਰ ਅਤੇ ਵਿਭਾਗ ਵਲੋਂ 1 ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਦਾ ਸਮੂਹਿਕ ਛੁੱਟੀ ਲੈ ਕੇ ਪੂਰਨ ਬਾਈਕਾਟ ਕੀਤਾ ਜਾਵੇਗਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ 1 ਦਸੰਬਰ ਤੱਕ ਵੀ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸਮੂਹ ਕਰਮਚਾਰੀ ਮੰਗਾਂ ਦੀ ਪੂਰਤੀ ਤੱਕ ਸਾਰਾ ਕੰਮਕਾਜ ਅਣਮਿਥੇ ਸਮੇਂ ਲਈ ਠੱਪ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਸਬ-ਕਮੇਟੀ ਦੀ ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਪ੍ਰਧਾਨ ਜਸਮੇਲ ਸਿੰਘ ਦਿਓਲ ਲੁਧਿਆਣਾ, ਮਹਿੰਦਰ ਪਾਲ ਸਿੰਘ ਪਟਿਆਲਾ, ਗੁਰਜੰਟ ਸਿੰਘ, ਦਿਲਪ੍ਰੀਤ ਸਿੰਘ ਅਤੇ ਹਰਜੀਤ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।