ਵਿਧਾਇਕ ਗਰੇਵਾਲ ਵਲੋਂ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ
ਲੁਧਿਆਣਾ, 22 ਨਵੰਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਟਿੱਬਾ ਰੋਡ ਮੁੱਖ ਦਫ਼ਤਰ ਵਿਖੇ ਆਂਗਣਵਾੜੀ ਵਰਕਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਲੁਧਿਆਣਾ, 22 ਨਵੰਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਟਿੱਬਾ ਰੋਡ ਮੁੱਖ ਦਫ਼ਤਰ ਵਿਖੇ ਆਂਗਣਵਾੜੀ ਵਰਕਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਅਧਿਕਾਰੀਆਂ ਨੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਧਾਇਕ ਗਰੇਵਾਲ ਨੂੰ ਜਾਣੂ ਕਰਵਾਇਆ ਅਤੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਦੀਆਂ ਸਾਬਕਾ ਸਰਕਾਰਾਂ ਤੋਂ ਲੈ ਕੇ ਅੱਜ ਤੱਕ ਸੰਘਰਸ਼ ਕਰਦੇ ਆ ਰਹੇ ਹਨ, ਪਰ ਕਿਸੇ ਨੇ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਾ ਲੈਂਦੇ ਹੋਏ ਕੋਈ ਹੱਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਭਰ ‘ਚ ਵਿਕਾਸ ਅਤੇ ਦਿੱਤੀਆਂ ਹੋਈਆਂ ਗਰੰਟੀਆਂ ਨੂੰ ਪੂਰਾ ਕਰਨ ‘ਚ ਕਾਮਯਾਬ ਹੋਈ ਹੈ ,ਉਸੇ ਤਰ੍ਹਾਂ ਉਨ੍ਹਾਂ ਦੀਆਂ ਮੰਗਾਂ ਨੂੰ ਵੀ ਜ਼ਰੂਰ ਪੂਰਾ ਕਰੇਗੀ। ਇਸ ਮੌਕੇ ਵਿਧਾਇਕ ਗਰੇਵਾਲ ਨੇ ਸਮੂਹ ਵਰਕਰਾਂ ਅਤੇ ਅਧਿਕਾਰੀਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਤੁਹਾਡੀ ਇਕ-ਇਕ ਮੰਗ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਰੱਖਿਆ ਜਾਵੇਗਾ ਅਤੇ ਇਸ ਦਾ ਫ਼ੌਰੀ ਤੌਰ ਤੇ ਹੱਲ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜਿੱਥੇ ਸੂਬੇ ਭਰ ’ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਰਹੀ ਹੈ, ਉਥੇ ਹੀ ਮੁਲਾਜ਼ਮ ਵਰਗ ਨੂੰ ਆ ਰਹੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਆਧਾਰ ’ਤੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਰਹੋ ਤੁਹਾਡੀ ਹਰ ਮੁਸ਼ਕਿਲ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਅਸ਼ਵਨੀ ਸ਼ਰਮਾ, ਕੌਂਸਲਰ ਲਵਲੀ ਮਨੋਚਾ, ਜਸਵਿੰਦਰ ਸੰਧੂ, ਸੁਖਵੰਤ ਸੁੱਖਾ, ਰਾਜ ਗਰੇਵਾਲ, ਅਮਰ ਮਕੌੜੀ, ਬਾਜ਼ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ ਅਤੇ ਅਧਿਕਾਰੀ ਹਾਜ਼ਰ ਸਨ।