ਚੰਡੀਗੜ੍ਹ, 31 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ | ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਹੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ |