ਖਰੜ, 31 ਦਸੰਬਰ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਜਬਰਦਸਤ ਜਿੱਤ ਹਾਸਿਲ ਕਰਕੇ ਪੰਜਾਬ ਦੀ ਰਾਜਨੀਤੀ ਵਿਚ ਬਦਲਾਅ ਦੇ ਸੰਕੇਤ ਦਿੱਤੇ ਹਨ, ਉਸੇ ਤਰ੍ਹਾਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਦਰਜ ਕਰਕੇ ਇਤਿਹਾਸ ਰਚੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਖਰੜ ਤੋਂ ਅਕਾਲੀ ਆਗੂ ਹਰਜਿੰਦਰ ਸਿੰਘ ਬਲੌਂਗੀ ਨੇ ਕਿਹਾ ਕਿ ਜਿਸ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਮੁੱਚੇ ਅਕਾਲੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨੇ ਚੋਣ ਪ੍ਰਚਾਰ ਲਈ ਦਿਨ-ਰਾਤ ਇਕ ਕੀਤਾ ਹੋਇਆ ਸੀ, ਉਸੇ ਤਰ੍ਹਾਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਵੀ ਉਹ ਡੱਟ ਕੇ ਚੋਣ ਪ੍ਰਚਾਰ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼ਹਿਰਾਂ ਦੀ ਹੋਈ ਵਾਰਡਬੰਦੀ ਦੇ ਨਕਸ਼ੇ ਸਰਕਾਰ ਜਾਣ ਬੁੱਝ ਕੇ ਨਸ਼ਰ ਨਹੀਂ ਕਰ ਰਹੀ ਅਤੇ ਇਤਰਾਜ਼ ਲੈਣ ਦਾ ਸਮਾਂ ਨਿਕਲਣ ਜਾਣ ਤੋਂ ਬਾਅਦ ਵੀ ਵਾਰਡਬੰਦੀ ਸੰਬੰਧੀ ਕੋਈ ਸਥਿਤੀ ਸਪੱਸ਼ਟ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਅਸਲ 'ਚ 'ਆਪ' ਸਰਕਾਰ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਾਈ ਤੋਂ ਬੁਖਲਾਈ ਹੋਈ ਹੈ | ਉਨ੍ਹਾਂ ਕਿਹਾ ਕਿ ਵਾਰਡਬੰਦੀ ਨੂੰ ਲੈ ਕੇ ਨਿਗਮ ਤੇ ਕੌਂਸਲ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ 'ਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਵਾਰਡਬੰਦੀ ਦਾ ਨਕਸ਼ਾ ਨਸ਼ਰ ਨਾ ਕੀਤੇ ਜਾਣ ਤੋਂ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਨੂੰ ਇਨ੍ਹਾਂ ਚੋਣਾਂ ਵਿਚ ਆਪਣੀ ਹਾਰ ਸਾਫ਼ ਦਿਖਾਈ ਦੇ ਰਹੀ ਹੈ |