ਚੰਡੀਗੜ੍ਹ, 31 ਦਸੰਬਰ (ਅਜੀਤ ਬਿਊਰੋ)- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿਚ 91 ਐਫ.ਆਈ. ਆਰਜ਼ ਦਰਜ ਕਰਕੇ 117 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 305 ਦਿਨਾਂ ਵਿੱਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,657 ਹੋ ਗਈ ਹੈ | ਛਾਪਿਆਂ ਦੇ ਨਤੀਜੇ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 1.2 ਕਿਲੋ ਹੈਰੋਇਨ, 1 ਕਿਲੋ ਗਾਂਜਾ, 5 ਕਿਲੋ ਭੁੱਕੀ, 536 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪੇ੍ਰਸ਼ਨ ਦੌਰਾਨ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 335 ਥਾਵਾਂ 'ਤੇ ਛਾਪੇਮਾਰੀ ਕੀਤੀ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 339 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ.ਡੀ.ਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 52 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |