ਐੱਸ. ਏ. ਐੱਸ. ਨਗਰ, 4 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਕੇਂਦਰੀ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ ਹੁੰਦੀ ਨਜ਼ਰ ਆ ਰਹੀ ਹੈ ਅਤੇ ਪੰਜਾਬ ਅੰਦਰ ਅਰਾਜਕਤਾ ਵਰਗਾ ਮਾਹੌਲ ਬਣਦਾ ਜਾ ਰਿਹਾ ਹੈ, ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਸੂਬਾ ਗੈਂਗਸਟਰਾਂ ਦੇ ਹਵਾਲੇ ਹੋ ਚੁੱਕਾ ਹੈ | ਉਨ੍ਹਾਂ ਅੰਮਿ੍ਤਸਰ ਵਿਖੇ ਵਿਆਹ ਸਮਾਗਮ ਦੌਰਾਨ ਦਿਨ-ਦਿਹਾੜੇ ਵਲਟੋਹਾ ਦੇ ਸਾਬਕਾ ਸਰਪੰਚ ਜਰਮਲ ਸਿੰਘ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਕਰਨ 'ਚ ਪੂਰੀ ਤਰ੍ਹਾਂ ਨਾਕਾਮ ਲੱਗ ਰਹੀ ਹੈ | ਉਨ੍ਹਾਂ ਕਿਹਾ ਕਿ ਵਿਆਹ ਵਰਗੀਆਂ ਜਨਤਕ ਖ਼ੁਸ਼ੀਆਂ ਦੇ ਸਮਾਗਮਾਂ 'ਚ ਲੋਕਾਂ ਨੂੰ ਬੇਦਰਦੀ ਨਾਲ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕਾਂ ਵਿਚ ਡਰ ਦੀ ਭਾਵਨਾ ਪੈਦਾ ਹੋ ਰਹੀ ਹੈ |