ਡੀ. ਸੀ. ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ
ਅਜੀਤ ਡੈਸਕ
06-01-2026
ਐੱਸ. ਏ. ਐੱਸ. ਨਗਰ, 5 ਜਨਵਰੀ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 26 ਜਨਵਰੀ ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ ਜੇਤੂ) ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ | ਇਸ ਮੌਕੇ ਡੀ. ਸੀ. ਨੇ ਮਾਰਚ ਪਾਸਟ, ਸੱਭਿਆਚਾਰਕ ਪ੍ਰੋਗਰਾਮ, ਝਾਕੀਆਂ, ਮੈਡੀਕਲ ਸਹਾਇਤਾ, ਸਫ਼ਾਈ, ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧਨ ਆਦਿ ਸੰਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ | ਉਨ੍ਹਾਂ ਸਮਾਰੋਹ ਦੇ ਸੁਚੱਜੇ ਪ੍ਰਬੰਧਾਂ ਲਈ ਆਪਸੀ ਤਾਲਮੇਲ ਅਤੇ ਯੋਜਨਾਬੰਦੀ 'ਤੇ ਜ਼ੋਰ ਦਿੱਤਾ | ਉਨ੍ਹਾਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਕਿ ਗਣਤੰਤਰ ਦਿਵਸ ਦੀਆਂ ਅੰਤਿਮ ਰਿਹਰਸਲਾਂ 19, 21, 22 ਅਤੇ 24 ਜਨਵਰੀ ਨੂੰ ਸਰਕਾਰੀ ਕਾਲਜ ਮੁਹਾਲੀ ਵਿਖੇ ਕਰਵਾਈਆਂ ਜਾਣਗੀਆਂ |
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ, ਜੋ ਕਿ ਕੌਮੀ ਝੰਡਾ ਲਹਿਰਾਉਣਗੇ | ਡੀ. ਸੀ. ਨੇ ਸਮੁੱਚੇ ਅਧਿਕਾਰੀਆਂ ਨੂੰ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਰਾਸ਼ਟਰੀ ਤਿਉਹਾਰ ਦੀ ਮਰਿਆਦਾ ਅਤੇ ਗੌਰਵ ਕਾਇਮ ਰਹੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ, ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗੁਰਮੀਤ ਸਿੰਘ, ਸਕੱਤਰ ਆਰ. ਟੀ. ਏ. ਰਾਜਪਾਲ ਸਿੰਘ ਅਤੇ ਏ. ਸੀ. ਏ. ਗਮਾਡਾ ਅਮਰਿੰਦਰ ਸਿੰਘ ਮੱਲ੍ਹੀ ਸਮੇਤ ਹੋਰ ਸੰਬੰਧਤ ਅਧਿਕਾਰੀ ਹਾਜ਼ਰ ਸਨ |