ਐੱਸ. ਏ. ਐੱਸ. ਨਗਰ, 5 ਜਨਵਰੀ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੁਹਾਲੀ ਵਿਖੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ ਨੂੰ ਮੁਹਾਲੀ ਸਥਿਤ ਐਮਿਟੀ ਯੂਨੀਵਰਸਿਟੀ ਵਿਖੇ 16ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ | ਉਨ੍ਹਾਂ ਸਮੁੱਚੇ ਅਧਿਕਾਰੀਆਂ ਨੂੰ ਸਮਾਗਮ ਦੇ ਸਫ਼ਲ ਪ੍ਰਬੰਧਾਂ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਇਸ ਅਹਿਮ ਰਾਜ ਪੱਧਰੀ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ, ਲਿਹਾਜ਼ਾ ਸਮੁੱਚੇ ਵਿਭਾਗ ਪੂਰੀ ਲਗਨ ਅਤੇ ਸੁਚੱਜੀ ਯੋਜਨਾਬੰਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ | ਡੀ. ਸੀ. ਨੇ ਅੱਗੇ ਦੱਸਿਆ ਕਿ ਇਸ ਸਮਾਗਮ ਦੌਰਾਨ ਮੁੱਖ ਚੋਣ ਅਧਿਕਾਰੀ ਵਲੋਂ ਐਮਿਟੀ ਯੂਨੀਵਰਸਿਟੀ ਤੋਂ ਇਕ ਮੋਟਰਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ, ਉਪਰੰਤ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਮੁੱਖ ਸਮਾਗਮ ਹੋਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀ ਭਾਸ਼ਣ, ਵਿਸ਼ੇਸ਼ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ, ਵੋਟਰ ਜਾਗਰੂਕਤਾ 'ਤੇ ਆਧਾਰਿਤ ਨਾਟਕ ਤੇ ਭੰਗੜੇ ਦੇ ਪ੍ਰਦਰਸ਼ਨ ਤੋਂ ਇਲਾਵਾ ਵੋਟਰ ਰਜਿਸਟ੍ਰੇਸ਼ਨ ਤੇ ਚੋਣ ਰਜਿਸਟ੍ਰੇਸ਼ਨ ਕਾਰਜਾਂ ਦੌਰਾਨ ਉੱਤਮ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ |