ਐੱਸ.ਏ.ਐੱਸ. ਨਗਰ, 31 ਜਨਵਰੀ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਗੁਰਨਾਮ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੀਵਨ ਬਿ੍ਤਾਂਤ ਸੰਗਤਾਂ ਨੂੰ ਢਾਡੀ ਵਾਰਾਂ 'ਚ ਵਿਸਥਾਰ ਸਹਿਤ ਸੁਣਾਇਆ | ਇਸ ਤੋਂ ਬਾਅਦ ਬੀਬੀ ਹਰਜਿੰਦਰ ਕੌਰ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ 'ਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ | ਇਸ ਤੋਂ ਇਲਾਵਾ ਭਾਈ ਓਾਕਾਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਹਰਿਜਸ ਕੀਰਤਨੀ ਜਥੇ, ਅਕਾਲ ਕਵੀਸ਼ਰੀ ਜਥੇ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਸੁਖਵਿੰਦਰ ਸਿੰਘ ਤੇ ਭਾਈ ਹਰਬੀਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ, ਜਦਕਿ ਦਰਬਾਰ ਸਾਹਿਬ ਜੀ ਨੂੰ ਜਾਣ ਵਾਲੇ ਪੂਰੇ ਰਸਤੇ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ | ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |