ਖਰੜ, 31 ਜਨਵਰੀ (ਜੰਡਪੁਰੀ)-ਖਰੜ ਤੋਂ ਜੰਡਪੁਰ-ਝੂੰਗੀਆਂ ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਅਮਰੀਕ ਸਿੰਘ ਹੈਪੀ ਦੀ ਅਗਵਾਈ ਹੇਠ ਵੱਖ-ਵੱਖ ਕਾਲੋਨੀਆਂ ਦੀ ਵਸਨੀਕਾਂ ਵਲੋਂ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਭਾਜਪਾ ਆਗੂ ਅਮਰੀਕ ਸਿੰਘ ਹੈਪੀ ਨੇ ਕਿਹਾ ਕਿ ਇਸ ਸੜਕ ਦੀ ਪਿਛਲੇ 8-9 ਮਹੀਨਿਆਂ ਤੋਂ ਹਾਲਤ ਇੰਨੀ ਖਸਤਾ ਹੋ ਚੁੱਕੀ ਹੈ ਕਿ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ 'ਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸੜਕ 'ਚ ਪਏ ਖੱਡਿਆਂ 'ਚ ਪਾਣੀ ਭਰਨ ਕਰਕੇ ਵਾਹਨ ਚਾਲਕਾਂ ਨੂੰ ਇਨ੍ਹਾਂ ਦੀ ਡੂੰਘਾਈ ਦਾ ਪਤਾ ਨਹੀਂ ਚੱਲਦਾ, ਜਿਸ ਕਾਰਨ ਅਕਸਰ ਸੜਕ 'ਤੇ ਗੱਡੀਆਂ ਫਸਦੀਆਂ ਰਹਿੰਦੀਆਂ ਹਨ | ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਪ੍ਰੇਸ਼ਾਨੀ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਅਤੇ ਰੋਜ਼ਾਨਾ ਡਿਊਟੀ 'ਤੇ ਆਉਣ-ਜਾਣ ਵਾਲੇ ਵਿਅਕਤੀਆਂ ਨੂੰ ਝੱਲਣੀ ਪੈ ਰਿਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਟੁੱਟੀ ਸੜਕ ਦੇ ਕਾਰਨ ਰੋਜ਼ਾਨਾ ਦੋ-ਚਾਰ ਔਰਤਾਂ ਡਿੱਗ ਕੇ ਜ਼ਖ਼ਮੀ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਨੂੰ ਦੇਖਣ ਤੋਂ ਪਤਾ ਚਲਦਾ ਹੈ ਕਿ ਪੰਜਾਬ ਸਰਕਾਰ ਦਾ ਜਨਾਜ਼ਾ ਨਿਕਲਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਕੋਈ ਵੀ ਨੁਮਾਇੰਦਾ ਜਾਂ ਪ੍ਰਸ਼ਾਸਨਿਕ ਅਧਿਕਾਰੀ ਇਨ੍ਹਾਂ ਸੜਕਾਂ ਵੱਲ ਧਿਆਨ ਨਹੀਂ ਦੇ ਰਿਹਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਦੇ ਅੰਦਰ-ਅੰਦਰ ਇਸ ਸੜਕ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਉਹ ਸੜਕ 'ਤੇ ਧਰਨਾ ਲਗਾਉਣ ਲਈ ਮਜ਼ਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਸੰਬੰਧਿਤ ਅਧਿਕਾਰੀਆਂ ਦੀ ਹੋਵੇਗੀ | ਇਸ ਮੌਕੇ ਮਨਜੀਤ ਕੌਰ ਸੋਨੰੂ, ਮਨੀਸ਼ ਭਾਰਦਵਾਜ, ਰਾਜਪਾਲ ਸਿੰਘ, ਸੁਰਿੰਦਰ ਕੌਰ, ਕੁਲਦੀਪ ਕੌਰ, ਗੁਰਮੀਤ ਸਿੰਘ ਤੇ ਮਿਹਰ ਕੌਰ ਤੋਂ ਇਲਾਵਾ ਹੋਰ ਵੀ ਖੇਤਰ ਦੇ ਵਸਨੀਕ ਹਾਜ਼ਰ ਸਨ |