ਐੱਸ. ਏ. ਐੱਸ. ਨਗਰ, 3 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਈ. ਜੀ. ਐੱਸ., ਏ. ਆਈ. ਈ., ਐੱਸ. ਟੀ. ਆਰ., ਆਈ. ਈ. ਵੀ. ਅਤੇ ਸਿੱਖਿਆ ਪ੍ਰੋਵਾਈਡਰਾਂ ਵਲੋਂ ਅੱਜ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਵਿਦਿਆ ਭਵਨ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਅਧਿਆਪਕ ਆਗੂ ਵਿਕਾਸ ਸਾਹਨੀ ਨੇ ਕਿਹਾ ਕਿ ਉਹ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਈ. ਜੀ. ਐੱਸ., ਏ. ਆਈ. ਈ., ਐੱਸ. ਟੀ. ਆਰ., ਆਈ. ਈ. ਵੀ. ਅਤੇ ਸਿੱਖਿਆ ਪ੍ਰੋਵਾਈਡਰਾਂ ਵਜੋਂ ਕਈ ਵਰ੍ਹੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ, ਪ੍ਰੰਤੂ ਉਸ ਸਮੇਂ ਕੁੱਝ ਕਾਰਨਾਂ ਦੇ ਚਲਦਿਆ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਨੂੰ ਛੱਡਣਾ ਪਿਆ ਸੀ, ਪਰ ਪਿਛਲੇ ਲੰਬੇ ਸਮੇਂ ਤੋਂ 500 ਦੇ ਕਰੀਬ ਅਧਿਆਪਕ ਆਪਣੀ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਦੀ ਪੰਜਾਬ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਸਰਕਾਰ ਵਲੋਂ ਉਨ੍ਹਾਂ ਦੀ ਬਹਾਲੀ ਸੰਬੰਧੀ ਕੁੱਝ ਨਹੀਂ ਕੀਤਾ ਗਿਆ, ਜਿਸ ਕਾਰਨ ਮੁੜ ਬਹਾਲੀ ਦੀ ਮੰਗ ਕਰ ਰਹੇ ਅਧਿਆਪਕਾਂ 'ਚ ਰੋਸ ਪਾਇਆ ਜਾ ਰਿਹਾ ਸੀ, ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਵਿਦਿਆ ਭਵਨ ਦਾ ਘਿਰਾਓ ਕੀਤਾ ਗਿਆ ਹੈ | ਇਸ ਦੌਰਾਨ ਸਥਾਨਕ ਪ੍ਰਸ਼ਾਸਨ ਨੇ ਆਗੂਆਂ ਨੂੰ ਸਕੱਤਰ ਸਕੂਲ ਸਿੱਖਿਆ ਪੰਜਾਬ ਨਾਲ 6 ਫਰਵਰੀ ਨੂੰ ਮੀਟਿੰਗ ਕਰਵਾਉਣ ਦੇ ਲਿਖਤੀ ਪੱਤਰ ਸੌਂਪਣ ਉਪਰੰਤ ਆਗੂਆਂ ਨੇ ਸਘੰਰਸ਼ ਨੂੰ 6 ਫਰਵਰੀ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ |