ਪੰਚਕੂਲਾ, 3 ਫਰਵਰੀ (ਕਪਿਲ)-ਪੰਚਕੂਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਕਿਸਾਨਾਂ ਵਲੋਂ ਝੋਨੇ ਘੁਟਾਲੇ ਦੀ ਜਾਂਚ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਜ਼ਿਲ੍ਹਾ ਸਕੱਤਰੇਤ ਦੇ ਬਾਹਰ ਧਰਨਾ ਲਗਾਇਆ ਗਿਆ | ਧਰਨੇ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਸਕੱਤਰੇਤ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ | ਰੋਸ ਪ੍ਰਦਰਸ਼ਨ ਉਪਰੰਤ ਕਿਸਾਨਾਂ ਵਲੋਂ ਝੋਨੇ ਘੁਟਾਲੇ ਦੀ ਜਾਂਚ ਸਮੇਤ ਹੋਰਨਾਂ ਕਿਸਾਨੀ ਮੰਗਾਂ ਸੰਬੰਧੀ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦੇ ਨਾਂਅ 'ਤੇ ਏ. ਡੀ. ਸੀ. ਨੂੰ ਮੰਗ-ਪੱਤਰ ਸੌਂਪਿਆ ਗਿਆ | ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਰੇ ਜ਼ਿਲਿ੍ਹਆਂ 'ਚ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਕੁਝ ਮੰਗਾਂ ਸੂਬਾ ਪੱਧਰ ਦੀਆਂ ਹਨ, ਜਦਕਿ ਕੁਝ ਰਾਸ਼ਟਰੀ ਪੱਧਰ ਦੀਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ 'ਚ ਐਮ. ਐਸ. ਪੀ. ਦੀ ਗਾਰੰਟੀ, ਬੀਜ ਬਿੱਲ, ਬਿਜਲੀ ਬਿੱਲ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਕਿਸਾਨਾਂ ਲਈ ਮੁਫ਼ਤ ਇਲਾਜ ਆਦਿ ਮੰਗਾਂ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਆਉਣ ਵਾਲੀ 6 ਫਰਵਰੀ ਨੂੰ ਜੀਂਦ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਦਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਕੁਰੂਕਸ਼ੇਤਰ ਦੀ ਪਿੱਪਲੀ ਅਨਾਜ ਮੰਡੀ ਵਿਖੇ ਰਾਸ਼ਟਰੀ ਪੱਧਰ ਦੀ ਵੱਡੀ ਪੰਚਾਇਤ ਰੈਲੀ ਰੱਖੀ ਗਈ ਹੈ | ਉਨ੍ਹਾਂ ਕਿਹਾ ਕਿ ਜੇਕਰ ਉਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਬਾਰੇ ਕੋਈ ਫ਼ੈਸਲਾ ਨਹੀਂ ਕਰਦੀ ਤਾਂ ਅਸੀਂ ਹੋਰ ਸਖ਼ਤ ਫ਼ੈਸਲੇ ਲਵਾਂਗੇ | ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਕਿਸਾਨਾਂ ਦੀ ਹੜਤਾਲ ਬਾਰੇ ਬੋਲਦਿਆਂ ਚੜੂਨੀ ਨੇ ਕਿਹਾ ਕਿ ਚੰਡੀਗੜ੍ਹ ਤੇ ਦਿੱਲੀ 'ਚ ਕਿਸਾਨਾਂ ਦੇ ਦਾਖ਼ਲੇ 'ਤੇ ਰੋਕ ਲਗਾਈ ਗਈ ਹੈ |