ਚੰਡੀਗੜ੍ਹ, 3 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਤਲਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ 'ਤੇ ਕਿਹਾ ਕਿ ਮਜੀਠੀਆ ਦੀ ਜ਼ਮਾਨਤ 'ਤੇ ਜਸ਼ਨ ਮਨਾਉਣ ਵਾਲੇ ਲੋਕ ਸ਼ਾਇਦ ਇਹ ਭੁੱਲ ਗਏ ਹਨ ਕਿ ਜ਼ਮਾਨਤ ਮਿਲਣਾ ਕੋਈ 'ਕਲੀਨ ਚਿੱਟ' ਨਹੀਂ ਹੈ | ਉਨ੍ਹਾਂ ਕਿਹਾ ਕਿ ਕੁੱਝ ਲੋਕ ਮਜੀਠੀਆ ਦੀ ਜ਼ਮਾਨਤ 'ਤੇ ਇੰਝ ਖ਼ੁਸ਼ ਹੋ ਰਹੇ ਹਨ ਜਿਵੇਂ ਉਹ ਕੋਈ ਜੰਗ ਜਿੱਤ ਕੇ ਆਇਆ ਹੋਵੇ, ਜਦਕਿ ਸੱਚਾਈ ਇਹ ਹੈ ਕਿ ਜ਼ਮਾਨਤ ਕਿਸੇ ਵੀ ਕੇਸ ਵਿਚ ਇੱਕ ਆਮ ਕਾਨੂੰਨੀ ਪ੍ਰਕਿਰਿਆ ਹੈ | ਤਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਮਜੀਠੀਆ ਅਜੇ ਸਿਰਫ਼ ਜੇਲ੍ਹ ਤੋਂ ਬਾਹਰ ਆਏ ਹਨ, ਅਦਾਲਤ ਵਿਚ ਕੇਸ ਅਜੇ ਵੀ ਚੱਲ ਰਿਹਾ ਹੈ ਅਤੇ ਫ਼ੈਸਲਾ ਆਉਣਾ ਬਾਕੀ ਹੈ | ਉਨ੍ਹਾਂ ਵਿਰੋਧੀਆਂ ਨੂੰ ਚਿਤਾਵਨੀ ਦਿੱਤੀ ਕਿ ਕਾਨੂੰਨੀ ਰਾਹਤ ਨੂੰ ਅੰਤਿਮ ਜਿੱਤ ਸਮਝਣ ਦੀ ਭੁੱਲ ਨਾ ਕਰਨ | ਮਜੀਠੀਆ 'ਤੇ ਨਿਸ਼ਾਨਾ ਸਾਧਦਿਆਂ 'ਆਪ' ਆਗੂ ਨੇ ਕਿਹਾ ਕਿ ਜੇਲ ਤੋਂ ਬਾਹਰ ਆਉਣ ਵਾਲੇ ਵਿਅਕਤੀ ਨੇ ਕਦੇ ਪੰਜਾਬ ਦਾ ਭਲਾ ਨਹੀਂ ਸੋਚਿਆ | ਜਨਤਾ ਸਭ ਜਾਣਦੀ ਹੈ ਕਿ ਉਸ ਦੀ ਜ਼ਮਾਨਤ ਕਰਵਾਉਣ ਕੌਣ ਗਿਆ ਸੀ ਅਤੇ ਇਸ ਦੇ ਪਿੱਛੇ ਦੀ ਕਹਾਣੀ ਕੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੱਡੇ ਖ਼ੁਲਾਸੇ ਹੋਣਗੇ | ਤਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਨਸ਼ਿਆਂ ਖ਼ਿਲਾਫ਼ ਆਪਣੀ ਲੜਾਈ ਤੋਂ ਪਿੱਛੇ ਨਹੀਂ ਹਟੇਗੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਬੇਲ 'ਤੇ ਖ਼ੁਸ਼ੀ ਮਨਾਉਣ ਦਾ ਕੋਈ ਫ਼ਾਇਦਾ ਨਹੀਂ ਹੈ |