ਖਰੜ, 3 ਫਰਵਰੀ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਖਰੜ ਤੋਂ ਰਵਿੰਦਰ ਸਿੰਘ ਖੇੜਾ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਦੱਸਣਾ ਬਣਦਾ ਹੈ ਕਿ ਰਵਿੰਦਰ ਸਿੰਘ ਖੇੜਾ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ ਦੇ ਪੁੱਤਰ ਹਨ ਤੇ ਉਨ੍ਹਾਂ ਵਲੋਂ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਬਲਾਕ ਸੰਮਤੀ ਮਾਜਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਜਿੱਤ ਦਿਵਾਉਣ 'ਚ ਸਫ਼ਲਤਾ ਹਾਸਿਲ ਕੀਤੀ ਸੀ | ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ ਹੋ ਗਏ ਸਨ ਅਤੇ ਉਦੋਂ ਤੋਂ ਹੀ ਹਲਕਾ ਇੰਚਾਰਜ ਦੀ ਸੀਟ ਖਾਲੀ ਪਈ ਸੀ | ਇਸ ਸੰਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲਗਾਈ ਗਈ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਖਰੜ ਦੀ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਕੰਮ ਕਰਨਗੇ |