ਐੱਸ. ਸੀ. ਕਮਿਸ਼ਨ ਵਲੋਂ ਨਾਬਾਲਿਗ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਸੂ-ਮੋਟੋ ਨੋਟਿਸ
ਅਜੀਤ ਡੈਸਕ
05-02-2026
ਚੰਡੀਗੜ੍ਹ, 4 ਫਰਵਰੀ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਇਕ ਅਨੁਸੂਚਿਤ ਜਾਤੀ ਨਾਲ ਸਬੰਧਿਤ ਨਾਬਾਲਿਗ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਸੂ-ਮੋਟੋ ਨੋਟਿਸ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਧਿਆਨ ਵਿਚ ਇਕ ਅਖ਼ਬਾਰ ਵਿਚ ਛਪੀ ਇਕ ਖ਼ਬਰ ਨਾਲ ਆਇਆ ਹੈ | ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ 2004 ਦੀ ਧਾਰਾ 10 ਤਹਿਤ (2) (ਐਚ) ਰਾਹੀਂ ਇਸ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਤੋਂ ਇਸ ਮਾਮਲੇ ਸਬੰਧੀ ਜਾਣਕਾਰੀ ਉਪ-ਕਪਤਾਨ ਪੁਲਿਸ ਰਾਹੀਂ ਕਮਿਸ਼ਨ ਦੇ ਦਫ਼ਤਰ ਵਿਖੇ 10 ਫਰਵਰੀ, 2026 ਨੂੰ ਤਲਬ ਕੀਤੀ ਗਈ ਹੈ |