ਚੰਡੀਗੜ੍ਹ, 5 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 17ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 681 ਛਾਪੇਮਾਰੀਆਂ ਕੀਤੀਆਂ | ਜਾਣਕਾਰੀ ਅਨੁਸਾਰ, 'ਗੈਂਗਸਟਰਾਂ 'ਤੇ ਵਾਰ' ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ | ਇਸ ਤਹਿਤ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਇਸ ਮੁਹਿੰਮ ਦੇ 17ਵੇਂ ਦਿਨ, ਪੁਲਿਸ ਟੀਮਾਂ ਨੇ 274 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 4,649 ਹੋ ਗਈਆਂ | ਇਸ ਤੋਂ ਇਲਾਵਾ 135 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 248 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਵਲੋਂ ਕਾਰਵਾਈ ਦੌਰਾਨ 27 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 341ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 95 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 445 ਗ੍ਰਾਮ ਹੈਰੋਇਨ, 516 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 39,020 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਦੇ ਨਾਲ 341 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,784 ਹੋ ਗਈ ਹੈ | 'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ |