ਚੰਡੀਗੜ੍ਹ, 20 ਫਰਵਰੀ (ਅਜੀਤ ਬਿਊਰੋ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰੀ ਕਮਰੇ ਵਿਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੇ 8 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ | ਇਸ ਮੌਕੇ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਲੋਕ-ਹਿਤ ਵਿਚ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ | ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਅÏਰਤਾਂ ਅਤੇ ਬੱਚਿਆਂ ਨਾਲ ਸਬੰਧਿਤ ਅਹਿਮ ਸੇਵਾਵਾਂ ਨਾਲ ਜੁੜਿਆ ਹੋਇਆ ਹੈ | ਇਸ ਲਈ ਹਰ ਕਰਮਚਾਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਰਮਚਾਰੀਆਂ ਦਾ ਸਮਰਪਣ ਭਾਵ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਮੈਰਿਟ ਅਧਾਰਿਤ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਯੁਵਾ ਵਰਗ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕਰੀਬ 64,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਜੋ ਯੁਵਾ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਵੱਲ ਇਕ ਮਹੱਤਵਪੂਰਨ ਉਪਲਬਧੀ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮ ਕਿਸੇ ਵੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਵਲੋਂ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੀਤਾ ਕੰਮ ਹੀ ਸਰਕਾਰੀ ਨੀਤੀਆਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਸਫਲਤਾਪੂਰਕ ਪਹੁੰਚਾਉਂਦਾ ਹੈ | ਇਸ ਲਈ ਹਰ ਕਰਮਚਾਰੀ ਦਾ ਯੋਗਦਾਨ ਰਾਜ ਦੇ ਸਮੁੱਚੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ, ਲੋਕ-ਹਿਤੈਸ਼ੀ ਅਤੇ ਯੁਵਾ-ਕੇਂਦਰਿਤ ਨੀਤੀਆਂ ਰਾਹੀਂ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਨਾਲ ਇਕ ਪਾਸੇ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਵਿਭਾਗਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋ ਰਹੀ ਹੈ | ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |