ਐੱਸ. ਏ. ਐੱਸ. ਨਗਰ, 22 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਤੇ ਟਰੇਡ ਜਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ ਅੱਜ 'ਆਪ' ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਅੱਗੇ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਦੀਆਂ ਪ੍ਰਮੁੱਖ ਮੰਗਾਂ ਦਾ ਹੱਲ ਕਰਵਾਉਣ ਲਈ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਪਰਮਦੀਪ ਸਿੰਘ ਬੈਦਵਾਣ ਕਿਰਪਾਲ ਸਿੰਘ ਸਿਆਊ, ਦਵਿੰਦਰ ਸਿੰਘ, ਪ੍ਰਦੀਪ ਸਿੰਘ, ਜਸਪਾਲ ਸਿੰਘ, ਕਮਲਜੀਤ ਸਿੰਘ, ਜਗਜੀਤ ਸਿੰਘ, ਜਸਵੰਤ ਸਿੰਘ, ਯਸ਼ਪਾਲ, ਸੱਜਣ ਸਿੰਘ, ਦਰਸ਼ਨ ਸਿੰਘ, ਰੁਪਿੰਦਰ ਸਿੰਘ, ਪਰਮਜੀਤ ਸਿੰਘ, ਵਿਜੇ ਸਿੰਘ, ਕੁਲਵੰਤ ਸਿੰਘ, ਸੰਦੀਪ ਰਾਣਾ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਲੱਖਾ ਸਿੰਘ, ਗੁਰਬਖਸ਼ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਪਾਰਲੀਮੈਂਟ 'ਚ ਪਾਸ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਖੇਤੀ 'ਤੇ ਕਬਜ਼ਾ ਕਰਨ ਲਈ ਬੀਜ ਬਿੱਲ ਲਿਆਂਦਾ ਜਾ ਰਿਹਾ ਹੈ ਅਤੇ ਖੇਤੀ ਸੈਕਟਰ ਦੇ ਨਾਲ-ਨਾਲ ਡੇਅਰੀ ਖੇਤਰ ਨੂੰ ਬਰਬਾਦ ਕਰਕੇ ਮੁਕਤ ਵਪਾਰ ਸਮਝੌਤੇ ਰਾਹੀਂ ਵਿਦੇਸ਼ੀ ਅਤੇ ਕਾਰਪੋਰੇਟ ਘਰਾਣਿਆਂ ਦੇ ਸਪੁਰਦ ਕਰਨ ਲਈ ਤਤਪਰ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਵਿਰੋਧੀ ਕਾਨੂੰਨ ਵਾਪਸ ਲਏ ਜਾਣ, ਨਹੀਂ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ |