ਚੰਡੀਗੜ੍ਹ, 24 ਫਰਵਰੀ (ਅਜੀਤ ਬਿਉਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 35ਵੇਂ ਦਿਨ ਪੰਜਾਬ ਪੁਲੀਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ ਤੇ ਵਾਰ'- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇਕ ਫੈਸਲਾਕੁੰਨ ਜੰਗ, ਜੋ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵਲੋਂ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | 35ਵੇਂ ਦਿਨ ਪੁਲਿਸ ਟੀਮਾਂ ਨੇ 183 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫਤਾਰੀਆਂ ਦੀ ਗਿਣਤੀ 11,265 ਹੋ ਗਈ ਹੈ | ਇਸ ਤੋਂ ਇਲਾਵਾ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 133 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 360ਵੇਂ ਦਿਨ ਵੀ ਜਾਰੀ ਰੱਖਦਿਆਂ 83 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 431 ਗ੍ਰਾਮ ਹੈਰੋਇਨ, 12 ਕਿਲੋ ਭੁੱਕੀ, 323 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਦੇ ਨਾਲ ਸਿਰਫ 360 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51086 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |