ਚੰਡੀਗੜ੍ਹ, 25 ਫ਼ਰਵਰੀ (ਕਪਿਲ ਵਧਵਾ)-ਚੰਡੀਗੜ੍ਹ ਦੇ ਮਨੀਮਾਜਰਾ ਵਿਚ ਮੰਗਲਵਾਰ ਦੇਰ ਰਾਤ ਇਕ ਦਰਦਨਾਕ ਸੜਕ ਹਾਦਸੇ ਵਿਚ ਬੇਕਾਬੂ ਕਾਲੀ ਥਾਰ ਨੇ ਰੈੱਡ ਸਿਗਨਲ 'ਤੇ ਖੜ੍ਹੇ ਦੋ ਬਾਈਕ ਸਵਾਰਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਹਾਦਸੇ ਵਿਚ ਦੋਵੇਂ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ | ਮਿ੍ਤਕ ਦੋਵੇਂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਅਤੇ ਪੇਸ਼ੇ ਤੋਂ ਧਾਰਮਿਕ ਅਧਿਆਪਕ (ਕਾਜ਼ੀ) ਸਨ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕਾਂ ਦੀ ਪਛਾਣ ਕਾਜ਼ੀ ਅਬਦੁਲ ਸੁਭਾਨ (42) ਅਤੇ ਕਾਜ਼ੀ ਗੁਲਸ਼ੇਰ (50) ਵਜੋਂ ਹੋਈ ਹੈ | ਦੋਵੇਂ ਕਿਸੇ ਨਿੱਜੀ ਕੰਮ ਸਬੰਧੀ ਯੂ.ਪੀ. ਤੋਂ ਚੰਡੀਗੜ੍ਹ ਆਏ ਹੋਏ ਸਨ | ਬੀਤੀ ਰਾਤ ਉਹ ਮਨੀਮਾਜਰਾ ਦੀ ਹਾਊਸਿੰਗ ਬੋਰਡ ਕਾਲੋਨੀ ਨੇੜੇ ਲਾਈਟਾਂ 'ਤੇ ਰੈੱਡ ਸਿਗਨਲ ਹੋਣ ਕਾਰਨ ਆਪਣੀ ਮੋਟਰਸਾਈਕਲ 'ਤੇ ਖੜ੍ਹੇ ਸਨ ਕਿ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਥਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਉਛਲ ਕੇ ਕਾਫ਼ੀ ਦੂਰ ਜਾ ਡਿਗੇ | ਹਾਦਸੇ ਤੋਂ ਬਾਅਦ ਥਾਰ ਚਾਲਕ ਮੌਕੇ ਤੋਂ ਗੱਡੀ ਸਮੇਤ ਫ਼ਰਾਰ ਹੋ ਗਿਆ | ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਤੁਰੰਤ ਪੀ. ਜੀ. ਆਈ. ਵਿਚ ਦਾਖ਼ਲ ਕਰਵਾਇਆ ਗਿਆ | ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਥਾਰ ਚਲਾਉਣ ਵਾਲਾ ਇਕ ਪੁਲਿਸ ਕਰਮੀ ਦਾ ਪੁੱਤਰ ਹੈ ਅਤੇ ਉਸ ਨੰੂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਮਾਮਲੇ ਨੂੰ ਲੈ ਕੇ ਪਰਿਵਾਰ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਥਾਣਾ ਮਨੀਮਾਜਰਾ ਦੇ ਐੱਸ. ਐੱਚ. ਓ. ਇੰਸਪੈਕਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਅਰਮਾਨ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |