ਜ਼ੀਰਕਪੁਰ, 25 ਫਰਵਰੀ (ਮਨਿੰਦਰ ਸਿੰਘ)-ਨਗਰ ਕੌਂਸਲ ਜ਼ੀਰਕਪੁਰ ਤਹਿਤ ਪੈਂਦੇ ਪਿੰਡ ਦਿਆਲਪੁਰਾ ਵਿਖੇ ਲੱਕੜਾਂ ਇਕੱਠੀਆਂ ਕਰਨ ਗਈ ਇਕ ਔਰਤ ਨਾਲ ਛੇੜਛਾੜ ਕਰਨ, ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪਿੰਡ ਸੰਭਲ (ਉੱਤਰ ਪ੍ਰਦੇਸ਼) ਦੀ ਰਹਿਣ ਵਾਲੀ ਪੀੜਤਾ ਨੇ ਦੱਸਿਆ ਹੈ ਕਿ ਉਹ ਪਿੰਡ ਭਬਾਤ ਸਥਿਤ ਇੱਟਾਂ ਦੇ ਭੱਠੇ 'ਤੇ ਕੰਮ ਕਰਦੀ ਹੈ | ਬੀਤੀ 9 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਦੇ ਕਰੀਬ ਉਹ ਆਪਣੀਆਂ ਸਹੇਲੀਆਂ ਤੇ ਧੀ ਨਾਲ ਲੱਕੜਾਂ ਇਕੱਠੀਆਂ ਕਰਨ ਲਈ ਦਿਆਲਪੁਰਾ ਇਲਾਕੇ ਵਿਚ ਗਈ ਸੀ | ਉਸ ਨੇ ਦੋਸ਼ ਲਗਾਇਆ ਕਿ ਇਸ ਦੌਰਾਨ ਸੋਨੀ ਵਾਸੀ ਪਿੰਡ ਦਿਆਲਪੁਰਾ ਨੇ ਉਸ ਨੂੰ ਜ਼ਬਰਦਸਤੀ ਟਿਊਬਵੈੱਲ 'ਤੇ ਜਾਣ ਲਈ ਕਿਹਾ ਤੇ ਉਸ ਨੂੰ ਬਾਂਹ ਤੋਂ ਫੜ੍ਹ ਲਿਆ | ਜਦੋਂ ਉਸ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਸ ਨਾਲ ਬਦਸਲੂਕੀ ਕੀਤੀ ਤੇ ਡੰਡੇ ਨਾਲ ਕੁੱਟਮਾਰ ਕੀਤੀ, ਜਿਸ ਨਾਲ ਉਸ ਦੇ ਸਿਰ ਤੇ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ | ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾਇਆ | ਪੀੜਤਾ ਦੇ ਅਨੁਸਾਰ ਉਸ ਨੇ ਪਹਿਲਾਂ ਪੁਲਿਸ ਥਾਣੇ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਪਰ ਕੋਈ ਕਾਰਵਾਈ ਨਹੀਂ ਹੋਈ | ਹੁਣ ਨਵੀਂ ਸ਼ਿਕਾਇਤ ਦੇਣ 'ਤੇ ਜ਼ੀਰਕਪੁਰ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਬੀ. ਐੱਨ. ਐੱਸ. ਦੀ ਧਾਰਾ 74, 115 (2), 126 (2), 296 ਤੇ 351 (2) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੀੜਤਾ ਦਾ ਦੋਸ਼ ਹੈ ਕਿ ਉਸ 'ਤੇ ਸ਼ਿਕਾਇਤ ਵਾਪਸ ਲੈਣ ਲਈ ਦਬਾਅ ਪਾਇਆ ਜਾ ਰਿਹਾ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ | ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |