26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਆਰ. ਐੱਮ. ਪੀ. ਆਈ. ਵਲੋਂ ਵਿਸ਼ਾਲ ਰੈਲੀ ਤੇ ਰੋਸ ਮਾਰਚ <br/>

Ad Position 21
No active advertisement
ਅਜੀਤ ਡੈਸਕ 27-02-2026
ਚੰਡੀਗੜ੍ਹ, 26 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ 'ਚ ਅੱਜ ਸੈਕਟਰ-25 ਵਿਖੇ ਰੈਲੀ ਮੈਦਾਨ 'ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਪੰਜਾਬ ਰਾਜ ਕਮੇਟੀ ਵਲੋਂ ਕੀਤੀ ਗਈ ਵਿਸ਼ਾਲ ਰੈਲੀ ਤੇ ਰੋਸ ਮਾਰਚ ਦੌਰਾਨ ਪੰਜਾਬ ਦੇ ਸਮੂਹ ਲੋਕਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਫੈਡਰਲ ਅਧਿਕਾਰਾਂ ਦੇ ਨਿਰੰਤਰ ਘਾਣ, ਪੰਜਾਬ ਨਾਲ ਕੀਤੇ ਜਾ ਰਹੇ ਧੱਕੇ-ਵਿਤਕਰੇ ਤੇ ਪੰਜਾਬ ਦੇ ਅਮਨ-ਚੈਨ ਨੂੰ ਭੰਗ ਕਰਨ ਦੀਆਂ ਕੋਝੀਆਂ ਹਰਕਤਾਂ ਖ਼ਿਲਾਫ਼ ਗਰਜਵੀਂ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ | ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਰਾਹੀਂ ਰਾਜ ਵਾਸੀਆਂ ਦੀ ਅਪਰਾਧੀ ਗਰੋਹਾਂ ਤੋਂ ਰਾਖੀ ਕਰਨ ਪੱਖੋਂ ਬੁਰੀ ਤਰ੍ਹਾਂ ਨਾਕਾਮ ਰਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ | ਇਕ ਮਤੇ ਰਾਹੀਂ ਮੰਗ ਕੀਤੀ ਗਈ ਕਿ ਪੰਜਾਬ ਸਮੇਤ ਸਾਰੇ ਦੇਸ਼ 'ਚ ਬਿਨਾਂ ਮੁਕੱਦਮਾ ਚਲਾਏ ਜੇਲ੍ਹੀਂ ਡੱਕੇ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਕੈਦੀ, ਬੁੱਧੀਜੀਵੀ ਤੇ ਮਨੁੱਖੀ ਅਧਿਕਾਰ ਕਾਰਕੁੰਨ ਫ਼ੌਰੀ ਰਿਹਾ ਕੀਤੇ ਜਾਣ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਫ਼ੌਰੀ ਪੰਜਾਬ ਦੇ ਹਵਾਲੇ ਕੀਤਾ ਜਾਵੇ, ਦਰਿਆਈ ਪਾਣੀਆਂ ਦੀ ਰਿਪੇਅਰੀਨ ਸਿਧਾਂਤ ਮੁਤਾਬਿਕ ਵੰਡ ਕੀਤੀ ਜਾਵੇ, ਪੰਜਾਬੀ ਬੋਲਦੇ ਇਲਾਕੇ ਪੰਜਾਬ 'ਚ ਸ਼ਾਮਲ ਕੀਤੇ ਜਾਣ, ਪੰਜਾਬੀ ਬੋਲੀ ਨੂੰ ਪੰਜਾਬ ਸਮੇਤ ਪੂਰੇ ਦੇਸ਼ 'ਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ, ਭਾਖੜਾ-ਬਿਆਸ ਪ੍ਰਬੰਧਕੀ ਬੋਰਡ 'ਚ ਪੰਜਾਬ ਦਾ ਖੋਹਿਆ ਰੁਤਬਾ ਬਹਾਲ ਕੀਤਾ ਜਾਵੇ ਤੋਂ ਇਲਾਵਾ ਬਾਰਡਰ ਖੋਲ੍ਹ ਕੇ ਭਾਰਤ-ਪਾਕ ਦੁਵੱਲਾ ਵਪਾਰ ਸ਼ੁਰੂ ਕੀਤਾ ਜਾਵੇ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਿ ਉਕਤ ਮੰਗਾਂ ਦੀ ਪ੍ਰਾਪਤੀ ਲਈ ਧਰਮਾਂ-ਜਾਤਾਂ ਦੇ ਵਖਰੇਵਿਆਂ ਤੋਂ ਉੱਤੇ ਉੱਠ ਕੇ ਸਮੂਹ ਪੰਜਾਬੀਆਂ ਦਾ ਸਰਬ ਸਾਂਝਾ ਘੋਲ ਵਿੱਢਿਆ ਜਾਵੇਗਾ | ਰੈਲੀ ਨੂੰ ਪਾਰਟੀ ਦੇ ਜਨਰਲ ਸਕੱਤਰ ਕਾ. ਮੰਗਤ ਰਾਮ ਪਾਸਲਾ, ਰਾਜ ਕਮੇਟੀ ਦੇ ਸਕੱਤਰ ਕਾ. ਪਰਗਟ ਸਿੰਘ ਜਾਮਾਰਾਏ, ਸੂਬਾ ਸਕੱਤਰੇਤ ਦੇ ਮੈਂਬਰਾਨ ਕੁਲਵੰਤ ਸਿੰਘ ਸੰਧੂ, ਸੱਜਣ ਸਿੰਘ, ਡਾ. ਸਤਨਾਮ ਸਿੰਘ ਅਜਨਾਲਾ, ਦਰਸ਼ਨ ਨਾਹਰ, ਧਰਮਿੰਦਰ ਸਿੰਘ ਮੁਕੇਰੀਆਂ ਨੇ ਵੀ ਸੰਬੋਧਨ ਕੀਤਾ | ਬੁਲਾਰਿਆਂ ਨੇ ਦੋਸ਼ ਲਾਇਆ ਕਿ ਆਪਣੇ ਸਿਆਸੀ ਵਿੰਗ ਭਾਜਪਾ ਰਾਹੀਂ ਦੇਸ਼ ਦੀ ਕੇਂਦਰੀ ਸੱਤਾ 'ਤੇ ਕਾਬਜ਼ ਹੋ ਚੁੱਕਾ ਰਾਸ਼ਟਰੀ ਸੋਇਮ ਸੇਵਕ ਸੰਘ ਦੇਸ਼ ਵਾਸੀਆਂ, ਖ਼ਾਸ ਕਰਕੇ ਪੰਜਾਬੀਆਂ ਨੂੰ ਸਿੱਖ ਗੁਰੂ ਸਾਹਿਬਾਨ ਵਲੋਂ ਰਚੀ ਮਾਨਵ ਹਿਤੈਸ਼ੀ ਬਾਣੀ, ਭਗਤੀ ਲਹਿਰ ਦੇ ਮਹਾਨ ਰਹਿਬਰਾਂ ਦੇ ਤਰਕਵਾਦੀ ਗਿਆਨ, ਗ਼ਦਰੀ ਸੂਰਬੀਰਾਂ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਸਾਥੀਆਂ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਨਾਲ ਪ੍ਰਗਤੀਸ਼ੀਲ ਸੋਚ ਤੇ ਵਿਗਿਆਨਕ ਨਜ਼ਰੀਏ ਤੋਂ ਬੇਮੁੱਖ ਕਰਨ ਲੱਗਾ ਹੋਇਆ ਹੈ | ਮੰਗਤ ਰਾਮ ਪਾਸਲਾ ਨੇ ਦੋਸ਼ ਲਾਉਂਦੇ ਕਿਹਾ ਕਿ ਸੰਘ ਪਰਿਵਾਰ, ਪੰਜਾਬੀਆਂ ਦੇ ਨਾਬਰੀ ਦੇ ਸੁਭਾਅ ਅਤੇ ਹਰ ਕਿਸਮ ਦੇ ਅਨਿਆਂ ਖਿਲਾਫ ਜੂਝ ਮਰਨ ਤੇ ਪੀੜਤਾਂ ਦੇ ਹੱਕ 'ਚ ਡੱਟ ਕੇ ਖਲੋਣ ਦੇ ਇਸ ਖਿੱਤੇ ਦੇ ਨਰੋਏ ਵਿਰਸੇ ਨੂੰ ਆਪਣੀ ਪਿਛਾਖੜੀ ਵਿਚਾਰਧਾਰਾ ਦੇ ਪ੍ਰਚਾਰ-ਪਸਾਰ ਤੇ ਧਰਮ ਆਧਾਰਿਤ ਹਿੰਦੂਤਵੀ-ਮਨੂੰਵਾਦੀ ਰਾਸ਼ਟਰ ਕਾਇਮ ਕਰਨ ਦਾ ਆਪਣਾ ਘਾਤਕ ਏਜੰਡਾ ਲਾਗੂ ਕਰਨ ਦੇ ਰਾਹ ਦਾ ਸਭ ਤੋਂ ਵੱਡਾ ਅੜਿੱਕਾ ਸਮਝਦਾ ਹੈ | ਉਨ੍ਹਾਂ ਪੰਜਾਬ ਵਾਸੀਆਂ ਨੂੰ ਸੰਘ ਪਰਿਵਾਰ ਦੀਆਂ ਵੰਡਵਾਦੀ ਸਾਜ਼ਿਸ਼ਾਂ ਤੋਂ ਸੁਚੇਤ ਹੋਣ ਤੇ ਇਸ ਦੇ ਕੋਝੇ ਮਨਸੂਬੇ ਫ਼ੇਲ੍ਹ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ | ਪਾਸਲਾ ਨੇ ਕਿਹਾ ਜੋ ਵੀ.ਆਈ.ਪੀ ਕਲਚਰ ਖ਼ਤਮ ਕਰਨ ਦੀਆਂ ਗੱਲਾਂ ਕਰਦੇ ਸਨ ਅੱਜ ਉਨ੍ਹਾਂ ਦੇ ਰਾਜ 'ਚ ਵੀ.ਆਈ.ਪੀ ਕਲਚਰ ਹੱਦਾਂ ਪਾਰ ਕਰ ਗਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਅਤੇ ਰਾਜ 'ਚ ਹਕੀਕੀ ਲੋਕ ਪੱਖੀ ਬਦਲਾਅ ਲਿਆਉਣ ਲਈ ਖੱਬੀਆਂ ਧਿਰਾਂ ਦਾ ਏਕਾ ਕਾਇਮ ਕਰਨ ਦੇ ਯਤਨ ਜਾਰੀ ਰੱਖਦਿਆਂ ਦੇਸ਼ ਨੂੰ ਫਿਰਕੂ-ਫਾਸ਼ੀਵਾਦ ਦੇ ਹੱਲਿਆਂ ਤੋਂ ਮੁਕਤ ਕਰਨ ਦੀ ਫ਼ੌਰੀ ਲੋੜ ਦੇ ਸਨਮੁੱਖ ਖੱਬੀਆਂ, ਜਮਹੂਰੀ, ਧਰਮ ਨਿਰਪੱਖ ਸਿਆਸੀ ਧਿਰਾਂ, ਸਿਵਲ ਸੁਸਾਇਟੀ ਤੇ ਅਗਾਂਹਵਧੂ ਲਹਿਰ ਦੀ ਸਾਂਝ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
ਰੈਲੀ ਤੋਂ ਬਾਅਦ ਵਿਸ਼ਾਲ ਜਨਤਕ ਮਾਰਚ ਕੀਤਾ ਗਿਆ ਜਿਸ ਨੂੰ ਰੈਲੀ ਵਾਲੀ ਥਾਂ ਤੋਂ ਥੋੜ੍ਹੀ ਦੂਰ ਚੰਡੀਗੜ੍ਹ ਪੁਲਿਸ ਵਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ ਉਪਰੰਤ ਆਗੂਆਂ ਵਲੋਂ ਅਧਿਕਾਰੀਆਂ ਦੇ ਹੱਥ ਅਤੇ ਪ੍ਰਧਾਨ ਮੰਤਰੀ ਤੇ ਰਾਜ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਭੇਜੇ ਗਏ | ਰੈਲੀ ਦੀ ਪ੍ਰਧਾਨਗੀ ਰਤਨ ਸਿੰਘ ਰੰਧਾਵਾ, ਗੁਰਨਾਮ ਸਿੰਘ ਦਾਊਦ, ਨੱਥਾ ਸਿੰਘ ਡਢਵਾਲ, ਸੁਰਿੰਦਰ ਗਿੱਲ ਜੈਪਾਲ ਨੇ ਕੀਤੀ | ਸਮੁੱਚੀ ਰੈਲੀ ਦੀ ਰੂਪਰੇਖਾ ਨੂੰ ਰਾਜ ਕਮੇਟੀ ਦੇ ਖ਼ਜ਼ਾਨਚੀ ਪ੍ਰੋ. ਜੈਪਾਲ ਸਿੰਘ ਵਲੋਂ ਬਾਖ਼ੂਬੀ ਨਿਭਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲਿਸ ਨੇ 601 ਥਾਵਾਂ 'ਤੇ ਕੀਤੀ ਛਾਪੇਮਾਰੀ, 203 ਗਿ੍ਫ਼ਤਾਰ <br/> ਅਗਲੀ ਖ਼ਬਰ ਬੁਟੇਰਲਾ ਪਿੰਡ ਵਿਖੇ ਦਿਓਰ-ਭਰਜਾਈ ਵਲੋਂ ਖੁਦਕੁਸ਼ੀ <br/>
Ad Position 24