ਚੰਡੀਗੜ੍ਹ, 26 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 37ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ ਤੇ ਵਾਰ'-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇਕ ਫੈਸਲਾਕੁੰਨ ਜੰਗ ਹੈ ,ਜਿਸ ਦੀ ਸ਼ੁੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਨੇ ਕੀਤੀ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | 37ਵੇਂ ਦਿਨ, ਪੁਲੀਸ ਟੀਮਾਂ ਨੇ 203 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫਤਾਰੀਆਂ 11,616 ਹੋ ਗਈਆਂ | ਇਸ ਤੋਂ ਇਲਾਵਾ 147 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 145 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 362ਵੇਂ ਦਿਨ 67 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.4 ਕਿਲੋ ਹੈਰੋਇਨ, 301 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3350 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਦੇ ਨਾਲ, ਸਿਰਫ 362 ਦਿਨਾਂ ਵਿੱਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51,305 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |