ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-8 ਸਥਿਤ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੱੁਲ੍ਹੇ ਪੰਡਾਲ ਵਿਚ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਦੌਰਾਨ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ, ਭਾਈ ਕੁਲਵਿੰਦਰ ਸਿੰਘ ਖਰੜ ਵਾਲਿਆਂ, ਭਾਈ ਸੁਰਿੰਦਰ ਸਿੰਘ ਗ੍ਰੰਥੀ ਸਿੰਘ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਜਿਥੇ ਖੰਡੇ ਬਾਟੇ ਦਾ ਅੰਮਿ੍ਤ ਛਕਣ ਸੰਬੰਧੀ ਪ੍ਰੇਰਿਤ ਕੀਤਾ, ਉਥੇ ਹੀ ਸਮਾਜਿਕ ਬੁਰਾਈਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ | ਸਮਾਗਮ ਦੌਰਾਨ ਡਾ. ਅਮਰਪਾਲ ਸਿੰਘ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਗੁਰਿੰਦਰ ਸਿੰਘ ਸੋਢੀ ਡਾਇਰੈਕਟਰ ਸਕੂਲ ਐਜੂਕੇਸ਼ਨ (ਸ. ਸ.), ਹਰਪ੍ਰੀਤ ਸਿੰਘ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ, ਅਮਨਦੀਪ ਰੀਜ਼ਨਲ ਟਰਾਂਸਪੋਰਟ ਅਫ਼ਸਰ ਫ਼ਰੀਦਕੋਟ, ਹਰਕੀਰਤ ਕੌਰ ਚਾਨੇ ਡਾਇਰੈਕਟਰ ਸਕੂਲ ਐਜੂਕੇਸ਼ਨ (ਅ. ਸ.) ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ | ਇਸ ਮੌਕੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰਿੰਦਰ ਸਿੰਘ ਸੋਢੀ ਡੀ. ਐੱਸ. ਈ. ਨੇ ਵੱਖ-ਵੱਖ ਡਾਇਰੈਕਟੋਰੇਟਾਂ ਦੇ ਸਮੂਹ ਮੁਲਾਜ਼ਮਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ (ਮੁੱਖ ਦਫ਼ਤਰ) ਵਲੋਂ ਹਾਜ਼ਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਅੰਤ 'ਚ ਐਸੋਸੀਏਸ਼ਨ ਦੇ ਪ੍ਰਧਾਨ ਰਣਜੋਧ ਸਿੰਘ ਤੇ ਜਨਰਲ ਸਕੱਤਰ ਗੁਰਸੇਵਕ ਸਿੰਘ ਨੇ ਹਾਜ਼ਰ ਸ਼ਖ਼ਸੀਅਤਾਂ ਸਮੇਤ ਸਮੁੱਚੇ ਮੁਲਾਜ਼ਮ ਸਾਥੀਆਂ ਦਾ ਗੁਰਮਤਿ ਸਮਾਗਮ ਦੌਰਾਨ ਸਹਿਯੋਗ ਦੇਣ ਬਦਲੇ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਜਨਰਲ ਸਕੱਤਰ ਗੁਰਸੇਵਕ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ | ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |