ਚੰਡੀਗੜ੍ਹ, 3 ਮਾਰਚ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 42ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 42ਵੇਂ ਦਿਨ ਪੁਲਿਸ ਟੀਮਾਂ ਨੇ 148 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫਤਾਰੀਆਂ 12,433 ਹੋਈਆਂ ਹਨ | ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 108 ਵਿਅਕਤੀਆਂ ਨੂੰ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ | ਪੁਲੀਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 367ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 2 ਕਿਲੋ ਭੁੱਕੀ, 408 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,950 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ |