ਚੰਡੀਗੜ੍ਹ, 6 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੀਆਂ 400 ਥਾਵਾਂ 'ਤੇ ਛਾਪੇਮਾਰੀ ਕੀਤੀ | 45ਵੇਂ ਦਿਨ ਪੁਲਿਸ ਟੀਮਾਂ ਨੇ 126 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 13045 ਗਿ੍ਫ਼ਤਾਰੀਆਂ ਹੋਈਆਂ ਹਨ | ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 55 ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' 370ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ 97 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 551 ਗ੍ਰਾਮ ਹੈਰੋਇਨ, 1.9 ਕਿਲੋਗ੍ਰਾਮ ਅਫੀਮ, 435 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 28,850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ, ਸਿਰਫ 370 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ੇ ਤਸਕਰਾਂ ਦੀ ਗਿਣਤੀ 52,428 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |