ਚੰਡੀਗੜ੍ਹ, 6 ਮਾਰਚ (ਕਪਿਲ ਵਧਵਾ)ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਟਰਾਈਸਿਟੀ ਖੇਤਰ 'ਚ ਸਪਲਾਈ ਕਰਨ ਵਾਲੇ ਇਕ ਗਰੋਹ ਦੇ ਪੰਜ ਮੈਂਬਰਾਂ ਨੂੰ ਚੰਡੀਗੜ੍ਹ ਦੀ ਅਪਰਾਧ ਸ਼ਾਖਾ ਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ ਸੰਯੁਕਤ ਆਪ੍ਰੇਸ਼ਨ ਦੌਰਾਨ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ | ਇਸ ਕਾਰਵਾਈ ਦੌਰਾਨ ਪੁਲਿਸ ਨੇ ਵਪਾਰਕ ਮਾਤਰਾ 'ਚ ਹੈਰੋਇਨ ਦੇ ਨਾਲ ਹੋਰ ਵੀ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਕੀਤੀ ਹੈ | ਸੂਤਰਾਂ ਅਨੁਸਾਰ ਚੰਡੀਗੜ੍ਹ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ | ਦੱਸਿਆ ਜਾ ਰਿਹਾ ਹੈ ਕਿ ਕਾਬੂ ਕੀਤੇ ਗਏ ਵਿਅਕਤੀ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਟਰਾਈਸਿਟੀ ਖੇਤਰ 'ਚ ਸਪਲਾਈ ਕਰਨ ਦੇ ਨੈੱਟਵਰਕ ਨਾਲ ਜੁੜੇ ਹੋਏ ਹਨ | ਇਸ ਮਾਮਲੇ ਬਾਰੇ ਵਿਸਥਾਰਪੂਰਵਕ ਖੁਲਾਸਾ ਸਨਿਚਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਓਧਰ ਪੁਲਿਸ ਅਧਿਕਾਰੀਆਂ ਨੇ ਫਿਲਹਾਲ ਇਸ ਸੰਬੰਧੀ ਕੋਈ ਠੋਸ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਕਾਰਵਾਈ ਅਜੇ ਵੀ ਜਾਰੀ ਹੈ ਤੇ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਗਿ੍ਫ਼ਤਾਰੀ ਵੀ ਹੋ ਸਕਦੀ ਹੈ |