ਜ਼ੀਰਕਪੁਰ, 8 ਮਾਰਚ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਮਹਿਲਾ ਦੀ ਸ਼ਿਕਾਇਤ 'ਤੇ ਉਸ ਦੇ ਘਰ 'ਚੋਂ ਸੋਨੇ ਚਾਂਦੀ ਦੇ ਗਹਿਣੇ ਤੇ ਜ਼ਰੂਰੀ ਦਸਤਾਵੇਜ ਚੋਰੀ ਕਰਨ ਦੇ ਮਾਮਲੇ 'ਚ ਅਣਪਛਾਤੇ ਚੋਰਾਂ ਖਿਲਾਫ਼ ਬੀ. ਐਨ. ਐਸ. ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਗੁਰਵਿੰਦਰ ਕੌਰ ਵਾਸੀ ਦਸਮੇਸ਼ ਨਗਰ ਨੇ ਕਿਹਾ ਕਿ ਉਹ ਇਕ ਘਰੇਲੂ ਮਹਿਲਾ ਹੈ, ਜਦਕਿ ਉਸ ਦਾ ਪਤੀ ਚੰਡੀਗੜ੍ਹ ਵਿਖੇ ਸਰਕਾਰੀ ਨੌਕਰੀ ਕਰਦਾ ਹੈ | ਉਨ੍ਹਾਂ ਕਿਹਾ ਕਿ 6 ਮਾਰਚ ਨੂੰ ਦੁਪਹਿਰ 1 ਵਜੇ ਦੇ ਕਰੀਬ ਉਹ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈਣ ਚੰਡੀਗੜ੍ਹ ਗਈ ਸੀ ਅਤੇ ਜਦੋਂ ਉਹ ਦੁਪਹਿਰ 3 ਵਜੇ ਦੇ ਕਰੀਬ ਘਰ ਵਾਪਸ ਆਈ ਤਾਂ ਮੁੱਖ ਦਰਵਾਜ਼ਾ ਟੁੱਟਿਆ ਹੋਇਆ ਸੀ ਅਤੇ ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਪਿਆ ਸੀ ਤੇ ਅਲਮਾਰੀ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਘਰ ਵਿਚ ਸਾਰਾ ਸਾਮਾਨ ਖਿੱਲਰਿਆ ਪਿਆ ਸੀ | ਉਨ੍ਹਾਂ ਦੱਸਿਆ ਕਿ ਅਣਪਛਾਤੇ ਚੋਰ ਘਰ 'ਚੋਂ ਸੋਨੇ ਦੇ ਗਹਿਣੇ ਤੇ ਮਹੱਤਵਪੂਰਨ ਦਸਤਾਵੇਜ਼ਾਂ ਵਾਲੇ ਲਗਭਗ ਪੰਜ ਪਰਸ ਚੋਰੀ ਕਰ ਲੈ ਗਏ | ਇਸ ਸੰਬੰਧੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ 'ਚ ਪਿਛਲੇ ਲੰਬੇ ਸਮੇਂ ਤੋਂ ਚੋਰੀਆਂ ਵਧ ਰਹੀਆਂ ਹਨ, ਪਰ ਪੁਲਿਸ ਗਸ਼ਤ ਕਾਗਜ਼ੀ ਕਾਰਵਾਈ ਤੱਕ ਸੀਮਤ ਜਾਪਦੀ ਹੈ | ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਵਾਪਰੀ ਇਸ ਘਟਨਾ ਨੇ ਪੁਲਿਸ ਦੀ ਸੁਰੱਖਿਆ ਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ | ਪੁਲਿਸ ਨੇ ਕਿਹਾ ਕਿ ਪੀੜਤ ਦੇ ਬਿਆਨ ਦੇ ਆਧਾਰ 'ਤੇ ਉਨ੍ਹਾਂ ਅਣਪਛਾਤੇ ਸ਼ੱਕੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ |