ਐੱਸ. ਏ. ਐੱਸ. ਨਗਰ, 9 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ 'ਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜਾਂਚ ਕੈਂਪ ਲਗਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦੱਸਿਆ ਕਿ ਜਾਂਚ ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਅਤੇ ਜੱਚਾ-ਬੱਚਾ ਦੀ ਚੰਗੀ ਸਿਹਤ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਭਾਰੀ ਗਿਣਤੀ ਵਿਚ ਔਰਤਾਂ ਨੇ ਜਾਂਚ ਕੈਂਪਾਂ ਵਿਚ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਭਰਪੂਰ ਲਾਭ ਲਿਆ | ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਜਣੇਪੇ ਤੋਂ ਪਹਿਲਾਂ ਚਾਰ ਏ. ਐਨ. ਸੀ. ਜਾਂਚ ਕਰਵਾਉਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਸਾਰੀਆਂ ਸਰਕਾਰੀ ਸੰਸਥਾਵਾਂ 'ਚ ਹਰ ਮਹੀਨੇ ਦੀ 9 ਤਰੀਕ ਅਤੇ 23 ਤਰੀਕ ਨੂੰ ਵਿਸ਼ੇਸ਼ ਤੌਰ 'ਤੇ ਉੱਚ ਜ਼ਖ਼ਮ ਵਾਲੀਆਂ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਿਰ ਡਾਕਟਰਾਂ ਵਲੋਂ ਜਾਂਚ ਕੀਤੀ ਜਾਂਦੀ ਹੈ | ਉਨ੍ਹਾਂ ਲੋੜਵੰਦਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ |