ਚੰਡੀਗੜ੍ਹ, 10 ਮਾਰਚ (ਸੰਦੀਪ ਕੁਮਾਰ ਮਾਹਨਾ) ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਮੰਗਲਵਾਰ ਨੂੰ ਇਲਾਕਾ ਕੌਂਸਲਰ ਦਲੀਪ ਸ਼ਰਮਾ ਨਾਲ ਮਿਲ ਕੇ ਸੈਕਟਰ-26 ਮੰਡੀ 'ਚ ਰੇਹੜੀ-ਫੜੀ ਵਾਲਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਵਪਾਰੀਆਂ ਨੇ ਮੇਅਰ ਕੋਲ ਮੰਡੀ 'ਚ ਕਾਰੋਬਾਰ ਕਰਨ ਲਈ ਨਿਰਧਾਰਿਤ ਥਾਵਾਂ ਮੁਹੱਈਆ ਕਰਵਾਉਣ ਦੀ ਮੰਗ ਦੁਹਰਾਈ | ਕਰੀਬ 70 ਤੋਂ 80 ਰੇਹੜੀ-ਫੜ੍ਹੀ ਵਾਲਿਆਂ ਨੇ ਮੇਅਰ ਸੌਰਭ ਜੋਸ਼ੀ ਨੂੰ ਦੱਸਿਆ ਕਿ ਉਹ ਪਿਛਲੇ ਕਰੀਬ 23 ਸਾਲਾਂ ਤੋਂ ਇਸ ਮਾਮਲੇ ਨੂੰ ਲੈ ਕੇ ਕਾਨੂੰਨੀ ਲੜਾਈ ਲੜ ਰਹੇ ਸਨ ਅਤੇ ਹਾਲ ਹੀ ਵਿਚ ਅਦਾਲਤ ਵਲੋਂ ਉਨ੍ਹਾਂ ਦੇ ਹੱਕ 'ਚ ਫੈਸਲਾ ਸੁਣਾਇਆ ਗਿਆ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਅਦਾਲਤੀ ਫੈਸਲੇ ਅਤੇ ਮਾਰਕੀਟ ਕਮੇਟੀ ਵਲੋਂ ਪਹਿਲਾਂ ਦਿੱਤੇ ਭਰੋਸਿਆਂ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਮੰਡੀ 'ਚ ਪੱਕੀਆਂ ਥਾਵਾਂ ਅਲਾਟ ਨਹੀਂ ਕੀਤੀਆਂ ਗਈਆਂ | ਰੇਹੜੀ-ਫੜ੍ਹੀ ਵਾਲਿਆਂ ਨੇ ਮੇਅਰ ਨੂੰ ਦੱਸਿਆ ਕਿ ਨਿਰਧਾਰਿਤ ਥਾਵਾਂ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਨਗਰ ਨਿਗਮ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਹਿਲਾਂ ਕੀਤੇ ਗਏ ਵਾਅਦੇ ਮੁਤਾਬਕ ਉਨ੍ਹਾਂ ਨੂੰ ਮੰਡੀ ਵਿਚ ਢੁੱਕਵੀਂ ਥਾਂ ਦਿੱਤੀ ਜਾਵੇ | ਮੇਅਰ ਸੌਰਭ ਜੋਸ਼ੀ ਨੇ ਰੇਹੜੀ-ਫੜ੍ਹੀ ਵਾਲਿਆਂ ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਇਸ ਮਾਮਲੇ ਨੂੰ ਸੰਬੰਧਤ ਅਧਿਕਾਰੀਆਂ ਨਾਲ ਚਰਚਾ ਕਰਕੇ ਜਲਦ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨਗਰ ਨਿਗਮ ਅਦਾਲਤ ਦੇ ਹੁਕਮਾਂ ਅਤੇ ਨਿਯਮਾਂ ਅਨੁਸਾਰ ਇਸ ਮਸਲੇ ਦੀ ਜਾਂਚ ਕਰਕੇ ਉਚਿਤ ਕਦਮ ਚੁੱਕੇਗਾ | ਰੇਹੜੀ-ਫੜੀ ਵਾਲਿਆਂ ਦੇ ਪ੍ਰਤੀਨਿਧੀਆਂ ਦੀਪਕ ਕੁਮਾਰ, ਹਰੀਸ਼ ਕੁਮਾਰ, ਦਇਆ ਰਾਮ ਅਤੇ ਪੱਪੂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੇਅਰ ਦੀ ਦਖ਼ਲਅੰਦਾਜ਼ੀ ਨਾਲ ਇਹ ਮਾਮਲਾ ਜਲਦੀ ਸੁਲਝੇਗਾ |