ਜ਼ੀਰਕਪੁਰ, 10 ਮਾਰਚ (ਹੈਪੀ ਪੰਡਵਾਲਾ)- ਢਕੌਲੀ ਖੇਤਰ ਦੇ ਵਾਰਡ ਨੰ. 6 ਮਮਤਾ ਇਨਕਲੇਵ 'ਚ ਨਵੀਂ ਬਣ ਰਹੀ ਸੜਕ ਦੇ ਨਿਰਮਾਣ ਕੰਮ ਦੀ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਰਸਮੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਹਲਕਾ ਡੇਰਾਬੱਸੀ ਦੇ ਹਰ ਇਲਾਕੇ 'ਚ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸੜਕ ਕਰੀਬ ਇਕ ਕਿਲੋਮੀਟਰ ਲੰਬੀ ਹੈ ਅਤੇ ਇਸ ਦੇ ਨਿਰਮਾਣ 'ਤੇ ਕਰੀਬ 67 ਲੱਖ ਰੁ. ਦੀ ਲਾਗਤ ਆਏਗੀ | ਵਿਧਾਇਕ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਖਰਾਬ ਹਾਲਤ ਚੱਲ ਰਹੀ ਇਸ ਸੜਕ ਦੇ ਨਿਰਮਾਣ ਨਾਲ ਹੁਣ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਇਥੇ ਹੁਣ ਆਵਾਜਾਈ ਸੁਖਾਵੀਂ ਹੋਵੇਗੀ | ਉਨ੍ਹਾਂ ਮੁਤਾਬਿਕ ਆਉਣ ਵਾਲੇ ਸਮੇਂ 'ਚ ਵੀ ਹਲਕੇ 'ਚ ਸੜਕਾਂ, ਨਿਕਾਸੀ ਪ੍ਰਣਾਲੀ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਡਾਇਰੈਕਟਰ ਪੈਪਸੂ ਗੁਰਪ੍ਰੀਤ ਸਿੰਘ ਵਿਰਕ, ਪਾਰਟੀ ਵਰਕਰ ਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ |