ਪਿੰਡ ਸਮਗੌਲੀ ਵਿਖੇ ਸਿਹਤ ਤੇ ਮੈਡੀਕਲ ਜਾਂਚ ਕੈਂਪ
ਅਜੀਤ ਡੈਸਕ
12-03-2026
ਡੇਰਾਬੱਸੀ, 11 ਮਾਰਚ (ਗੁਰਮੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ 'ਸਾਡਾ ਬਜ਼ੁਰਗ ਸਾਡਾ ਮਾਣ' (ਸਟੇਟ ਐਕਸ਼ਨ ਪਲਾਨ 2025-26) ਤਹਿਤ ਬੀਤੇ ਕੱਲ੍ਹ ਪਿੰਡ ਸਮਗੌਲੀ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਸਿਹਤ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰੀ ਟੀਮਾਂ ਵਲੋਂ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ | ਇਸ ਤੋਂ ਇਲਾਵਾ ਕੈਂਪ ਦੌਰਾਨ ਲੋੜਵੰਦ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਲਗਾਉਣ ਅਤੇ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਵੀ ਮੌਕੇ 'ਤੇ ਹੀ ਮੁਕੰਮਲ ਕੀਤੀ ਗਈ | ਇਸ ਦੇ ਨਾਲ ਹੀ ਬਜ਼ੁਰਗਾਂ ਨੂੰ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ, ਕਾਨੂੰਨੀ ਸਹਾਇਤਾ ਅਤੇ ਬੈਂਕ ਫਰਾਡਾਂ ਤੋਂ ਬਚਣ ਬਾਰੇ ਵੀ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਦਾ ਮੁੱਖ ਮਕਸਦ ਬਜ਼ੁਰਗਾਂ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਸਿਹਤ ਸੰਭਾਲ ਨੂੰ ਯਕੀਨੀ ਬਣਾਉਣਾ ਹੈ |