ਚੰਡੀਗੜ੍ਹ, 11 ਮਾਰਚ (ਅਜੀਤ ਬਿਊਰੋ)- 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 50ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 550 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 50ਵੇਂ ਦਿਨ ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫਤਾਰੀਆਂ ਦੀ ਗਿਣਤੀ 13,880 ਹੋ ਗਈ ਹੈ | ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 103 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 375ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 1244 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5970 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ |