ਐੱਸ. ਏ. ਐੱਸ. ਨਗਰ, 11 ਮਾਰਚ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਪਿੰਡ ਧਰਮਗੜ੍ਹ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ ਕੁੱਲ 135 ਮਰੀਜ਼ਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਜਿੱਥੇ ਲੋੜਵੰਦ ਵਿਅਕਤੀਆਂ ਦੀ ਦੰਦਾਂ ਦੀ ਜਾਂਚ, ਸਕੇਲਿੰਗ, ਦੰਦ ਕੱਢਣ ਅਤੇ ਫਿਲਿੰਗ ਸਮੇਤ ਮੂੰਹ ਨਾਲ ਸੰਬੰਧਿਤ ਬਿਮਾਰੀਆਂ ਦਾ ਇਲਾਜ ਕੀਤਾ ਗਿਆ, ਉੱਥੇ ਹੀ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਟੈਸਟ ਸਮੇਤ ਜੋੜਾਂ ਨਾਲ ਸੰਬੰਧਿਤ ਸਮੱਸਿਆਵਾਂ ਦੀ ਜਾਂਚ ਅਤੇ ਮਹਿਲਾਵਾਂ ਦੀ ਸਿਹਤ ਸੰਬੰਧੀ ਸਕ੍ਰੀਨਿੰਗ ਕੀਤੀ ਗਈ | ਇਸ ਮੌਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 65 ਲੋਕਾਂ ਦੇ ਹੈਲਥ ਕਾਰਡ ਵੀ ਬਣਾਏ ਗਏ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ 'ਚ ਮੁਫ਼ਤ ਅਤੇ ਵਧੀਆ ਇਲਾਜ ਦੀ ਸਹੂਲਤ ਮਿਲੇਗੀ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪਿੰਡ ਪੱਧਰ 'ਤੇ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕੈਂਪ ਨੂੰ ਸਫ਼ਲ ਬਣਾਉਣ 'ਚ ਸਹਿਯੋਗ ਦੇਣ ਬਦਲੇ ਪਿੰਡ ਧਰਮਗੜ੍ਹ ਦੇ ਸਰਪੰਚ ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਅਨੁਰਾਧਾ ਅਤੇ ਹਰਪ੍ਰੀਤ ਸਿੰਘ ਹੈਪੀ ਸਮੇਤ ਸਮੂਹ ਪਿੰਡ ਵਾਸੀਆਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |