ਚੰਡੀਗੜ੍ਹ, 11 ਮਾਰਚ (ਸੰਦੀਪ ਕੁਮਾਰ ਮਾਹਨਾ) ਪੱਛਮੀ ਏਸ਼ੀਆ 'ਚ ਬਣ ਰਹੀ ਸਥਿਤੀ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿਚ ਜ਼ਰੂਰੀ ਵਸਤੂਆਂ ਦੀ ਲਗਾਤਾਰ ਸਪਲਾਈ ਅਤੇ ਜਮਾਂਖੋਰੀ 'ਤੇ ਰੋਕ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਚੰਡੀਗੜ੍ਹ ਦੀ ਅਗਵਾਈ ਹੇਠ ਵੱਖ-ਵੱਖ ਹਿਤਧਾਰਕਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀ, ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦੇ, ਖਪਤਕਾਰ ਸੰਗਠਨਾਂ ਦੇ ਮੈਂਬਰਾਂ ਤੋਂ ਇਲਾਵਾ ਜ਼ਰੂਰੀ ਵਸਤੂਆਂ ਦੇ ਥੋਕ ਵਪਾਰੀ ਅਤੇ ਸਪਲਾਇਰ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ਦੇ ਕਾਰਨ ਸਪਲਾਈ ਚੇਨ ਅਤੇ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ 'ਤੇ ਅਸਰ ਪੈ ਸਕਦਾ ਹੈ, ਇਸ ਲਈ ਬਾਜ਼ਾਰ ਦੀ ਸਥਿਤੀ 'ਤੇ ਲਗਾਤਾਰ ਨਿਗਰਾਨੀ ਰੱਖਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਬਨਾਵਟੀ ਕਮੀ ਪੈਦਾ ਕਰਨ ਅਤੇ ਬੇਵਜ੍ਹਾ ਕੀਮਤ ਵਾਧੇ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਹਾਜ਼ਰ ਹਿਤਧਾਰਕਾਂ ਨੂੰ ਜਮਾਂਖੋਰੀ ਵਿਰੋਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਨਿਰਪੱਖ ਵਪਾਰ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ | ਮੀਟਿੰਗ ਦੌਰਾਨ ਇਹ ਫੈਸਲਾ ਵੀ ਲਿਆ ਗਿਆ ਕਿ ਬਾਜ਼ਾਰਾਂ 'ਚ ਨਿਯਮਿਤ ਨਿਰੀਖਣ ਕੀਤੇ ਜਾਣਗੇ ਅਤੇ ਸਟਾਕ ਦੀ ਅਸਲ ਸਮੇਂ 'ਤੇ ਨਿਗਰਾਨੀ ਰੱਖੀ ਜਾਵੇਗੀ | ਜੇਕਰ ਕਿਸੇ ਵੀ ਵਸਤੂ ਦੀ ਕੀਮਤ 'ਚ ਅਸਧਾਰਣ ਵਾਧਾ ਜਾਂ ਸਪਲਾਈ ਵਿਚ ਵਿਘਨ ਦੀ ਸਥਿਤੀ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ | ਐਲ.ਪੀ.ਜੀ ਸਪਲਾਈ ਸਬੰਧੀ ਚਿੰਤਾਵਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਗੈਸ ਏਜੰਸੀਆਂ 'ਤੇ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਵੰਡ ਪ੍ਰਣਾਲੀ ਸੁਚਾਰੂ ਬਣੀ ਰਹੇ ਅਤੇ ਕਿਸੇ ਵੀ ਤਰਾਂ ਦੀ ਅਵਿਵਸਥਾ ਤੋਂ ਬਚਿਆ ਜਾ ਸਕੇ |