ਚੰਡੀਗੜ੍ਹ, 11 ਮਾਰਚ (ਪ੍ਰੋ. ਅਵਤਾਰ ਸਿੰਘ) ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ ਨੇ ਨਗਰ ਨਿਗਮ ਚੰਡੀਗੜ੍ਹ ਵਿਚ ਸਾਹਮਣੇ ਆਏ ਕਰੋੜਾਂ ਰੁਪਏ ਦੇ ਐਫ.ਡੀ. ਘੁਟਾਲੇ 'ਤੇ ਗੰਭੀਰ ਚਿੰਤਾ ਜਤਾਈ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਪੈਸੇ ਨਾਲ ਜੁੜੀ ਇਸ ਤਰ੍ਹਾਂ ਦੀ ਵੱਡੀ ਵਿੱਤੀ ਗੜਬੜ ਬਹੁਤ ਹੀ ਚਿੰਤਾਜਨਕ ਹੈ ਅਤੇ ਇਸ ਨਾਲ ਪ੍ਰਸ਼ਾਸਨਿਕ ਪ੍ਰਣਾਲੀ 'ਤੇ ਸਵਾਲ ਖੜੇ ਹੋ ਰਹੇ ਹਨ | ਚਰਨਜੀਤ ਸਿੰਘ ਵਿਲੀ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਇਸ ਘੁਟਾਲੇ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਧੋਖਾਧੜੀ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ ਅਤੇ ਬਿਨਾਂ ਕਿਸੇ ਭੇਦਭਾਵ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ | ਇਸ ਘੁਟਾਲੇ 'ਚ ਸ਼ਾਮਿਲ ਨਿਗਮ ਦੇ ਅਧਿਕਾਰੀਆਂ ਸਮੇਤ ਸਾਰੇ ਦੋਸ਼ੀਆਂ ਨੂੰ ਬੇਨਕਾਬ ਕਰਕੇ ਉਨ੍ਹਾਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ |