ਚੰਡੀਗੜ੍ਹ, 28 ਮਾਰਚ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ 'ਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇ.ਐਚ.ਪੀ.ਆਈ.ਜੀ.ਓ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਹੈ | ਇਸ ਸਮਝੌਤੇ 'ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਜੇ.ਐਚ.ਪੀ.ਆਈ.ਜੀ.ਓ ਦੇ ਕੰਟਰੀ ਡਾਇਰੈਕਟਰ ਡਾ. ਅਮਿਤ ਅਰੁਣ ਸ਼ਾਹ ਨੇ ਹਸਤਾਖ਼ਰ ਕੀਤੇ | ਇਸ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਪ੍ਰਜਨਨ, ਜਣੇਪਾ, ਨਵਜੰਮੇ, ਬੱਚੇ, ਕਿਸ਼ੋਰ ਸਿਹਤ ਅਤੇ ਪੋਸ਼ਣ (ਆਰ.ਐਮ.ਐਨ.ਸੀ.ਐਚ.ਏ. ਐਨ) ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਵੀਨਤਾ-ਅਧਾਰਿਤ ਜਨਤਕ ਸਿਹਤ ਸੁਧਾਰਾਂ ਅਤੇ ਪੰਜਾਬ ਨੂੰ ਡਿਜੀਟਲ ਸਿਹਤ ਵਿਚ ਮੋਹਰੀ ਸੂਬਾ ਬਣਾਉਣ ਪ੍ਰਤੀ ਸੂਬਾ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ | ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਜੱਚਾ-ਬੱਚਾ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਲਈ ਤਕਨੀਕੀ ਸਹਾਇਤਾ ਵਿਚ ਵਾਧਾ ਕਰਨਾ ਹੈ | ਉਨ੍ਹਾਂ ਕਿਹਾ, 'ਸਾਡਾ ਧਿਆਨ ਡਿਜੀਟਲ ਅਤੇ ਡੇਟਾ-ਅਧਾਰਤ ਪਹੁੰਚਾਂ ਦੀ ਵਰਤੋਂ ਕਰਦਿਆਂ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਅਤੇ ਪ੍ਰਬੰਧਨ ਰਾਹੀਂ ਜਨਮ ਤੋਂ ਪਹਿਲਾਂ, ਜਨਮ ਦੌਰਾਨ ਅਤੇ ਜਨਮ ਤੋਂ ਬਾਅਦ ਦੀ ਦੇਖਭਾਲ ਨੂੰ ਮਜ਼ਬੂਤ ਕਰਨ 'ਤੇ ਕੇਂਦਰਿਤ ਹੋਵੇਗਾ |'